ਐੱਮ ਏ ਹਿਸਟਰੀ ਸਿਲੇਬਸ ’ਚੋਂ ਹਟਾਏ ਗਏ ਸਿੱਖ ਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਵਿਸ਼ੇ ਮੁੜ ਬਹਾਲ ਕੀਤੇ ਜਾਣ : ‘ਸੱਥ’ ਜਥੇਬੰਦੀ

ਐੱਮ ਏ ਹਿਸਟਰੀ ਸਿਲੇਬਸ ’ਚੋਂ ਹਟਾਏ ਗਏ ਸਿੱਖ ਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਵਿਸ਼ੇ ਮੁੜ ਬਹਾਲ ਕੀਤੇ ਜਾਣ : ‘ਸੱਥ’ ਜਥੇਬੰਦੀ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅਕਾਦਮਿਕ ਸੈਸ਼ਨ 2026-27 ਲਈ ਐੱਨ ਈ ਪੀ ਤਹਿਤ ਐੱਮ ਏ ਹਿਸਟਰੀ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਨੂੰ ਹਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਇਸ ਉੱਤੇ ਇਤਰਾਜ਼ ਪ੍ਰਗਟਾਉਂਦਿਆਂ ਵਾਈਸ-ਚਾਂਸਲਰ ਨੂੰ ਇੱਕ ਮੰਗ-ਪੱਤਰ ਸੌਂਪਿਆ ਗਿਆ।
ਵਿਦਿਆਰਥੀ ਆਗੂ ਅਸ਼ਮੀਤ ਸਿੰਘ ਅਤੇ ਅਨਮੋਲ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਅਕਾਦਮਿਕ ਸੈਸ਼ਨ 2025-26 ਅਤੇ ਇਸ ਤੋਂ ਪਹਿਲਾਂ ਵੀ ਲਾਗੂ ਰਹੇ ਸਿਲੇਬਸ ਵਿੱਚ ਸਿੱਖ ਧਰਮ ਦੇ ਇਤਿਹਾਸ, ਸਿੱਖ ਸੰਸਥਾਵਾਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਮਹੱਤਵਪੂਰਨ ਹਿੱਸੇ ਸ਼ਾਮਲ ਸਨ। ਇਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਹੋਣ ਵਾਲਾ ਇਤਿਹਾਸਕ ਦੌਰ, ਸਿੱਖੀ ਦੇ ਵਿਕਾਸ ਅਤੇ ਸਿੱਖ ਸੰਸਥਾਵਾਂ ਦਾ ਵਿਕਾਸ, ਬੰਦਾ ਸਿੰਘ ਬਹਾਦਰ, ਦਲ ਖ਼ਾਲਸਾ, ਸਿੱਖ ਮਿਸਲਾਂ, ਸਿੱਖ ਰਾਜਨੀਤਿਕ ਤਾਕਤ ਦੇ ਉਭਾਰ ਅਤੇ ਮਜ਼ਬੂਤੀਕਰਨ ਦੇ ਦੌਰ ਤੋਂ ਇਲਾਵਾ ਪੰਜਾਬ ਦੇ ਇਤਿਹਾਸ ਦੇ ਵੱਖ-ਵੱਖ ਮਹੱਤਵਪੂਰਨ ਪੜਾਅ 1966 ਤੱਕ ਸ਼ਾਮਲ ਸਨ, ਜੋ ਕਿ ਲਾਜ਼ਮੀ ਸਨ।
ਉਨ੍ਹਾਂ ਕਿਹਾ ਕਿ ਮੌਜੂਦਾ ਅਕਾਦਮਿਕ ਸੈਸ਼ਨ ਤੋਂ ਲਾਗੂ ਕੀਤੇ ਗਏ ਸੋਧੇ ਹੋਏ ਪਾਠਕ੍ਰਮ ਵਿੱਚ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਇਨ੍ਹਾਂ ਹਿੱਸਿਆਂ ਨੂੰ ਪੂਰੀ ਤਰ੍ਹਾਂ ਹਟਾ ਕੇ ਉਨ੍ਹਾਂ ਦੀ ਥਾਂ ਹੋਰ ਵਿਸ਼ਿਆਂ ਨੂੰ ਸ਼ਾਮਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਮ ਏ ਹਿਸਟਰੀ ਦੇ ਪਾਠਕ੍ਰਮ ਵਿੱਚੋਂ ਸਿੱਖ ਅਤੇ ਪੰਜਾਬ ਦੇ ਇਤਿਹਾਸ ਦੇ ਇੰਨੇ ਮਹੱਤਵਪੂਰਨ ਹਿੱਸੇ ਨੂੰ ਹਟਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ, ਖ਼ਾਸ ਕਰਕੇ ਅਜਿਹੀ ਸੰਸਥਾ ਵਿੱਚ ਜਿਸ ਦੀ ਅਕਾਦਮਿਕ ਅਤੇ ਇਤਿਹਾਸਕ ਪਛਾਣ ਪੰਜਾਬ ਦੀ ਧਰਤੀ, ਇਸ ਦੇ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ।
ਉਨ੍ਹਾਂ ਮੰਗ ਕੀਤੀ ਕਿ ਐੱਮ ਏ ਇਤਿਹਾਸ ਦੇ ਅਕਾਦਮਿਕ ਸੈਸ਼ਨ 2025-26 ਅਤੇ ਇਸ ਤੋਂ ਪਹਿਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਸਾਰੇ ਵਿਸ਼ਿਆਂ/ਹਿੱਸਿਆਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਸੋਧੇ ਹੋਏ ਪਾਠਕ੍ਰਮ ਵਿੱਚ ਉਨ੍ਹਾਂ ਨੂੰ ਢੁੱਕਵੀਂ ਨੁਮਾਇੰਦਗੀ ਦਿੱਤੀ ਜਾਵੇ। ਇਨ੍ਹਾਂ ਸਾਰੇ ਵਿਸ਼ਿਆਂ/ਹਿੱਸਿਆਂ ਨੂੰ ਮੁੜ ਪਹਿਲਾਂ ਦੀ ਤਰ੍ਹਾਂ ਲਾਜ਼ਮੀ ਕੀਤਾ ਜਾਵੇ।
‘ਸੱਥ’ ਆਗੂ ਨੇ ਕਿਹਾ ਕਿ ਜੇਕਰ ਇਸ ਮਾਮਲੇ ਨੂੰ ਅਣਗੌਲਿਆ ਕੀਤਾ ਜਾਂਦਾ ਹੈ ਅਤੇ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਤਾਂ ਵਿਦਿਆਰਥੀ ਜਥੇਬੰਦੀ ‘ਸੱਥ’ ਇੱਕ ਵੱਡਾ ਸੰਘਰਸ਼ ਉਲੀਕੇਗੀ।

ਅਥਾਰਿਟੀ ਨੇ ਇੱਕ ਹਫ਼ਤੇ ਦਾ ਸਮਾਂ ਮੰਗਿਆ

ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਸੌਂਪੇ ਗਏ ਮੰਗ-ਪੱਤਰ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਿਲੇਬਸ ਵਿੱਚ ਮੁੜ ਸੋਧ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਹੈ, ਜਿਸ ਦੌਰਾਨ ਪੁਰਾਣੇ ਸਿਲੇਬਸ ਵਿੱਚ ਸਿੱਖ ਅਤੇ ਪੰਜਾਬ ਇਤਿਹਾਸ ਨਾਲ ਸਬੰਧਿਤ ਵਿਸ਼ਿਆਂ ਨੂੰ ਮੁੜ ਬਹਾਲ ਕੀਤਾ ਜਾਵੇਗਾ।