ਧਾਮੀ ਨੇ ਜਥੇਦਾਰ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਧਾਮੀ ਨੇ ਜਥੇਦਾਰ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੁੜਗੱਜ ਕੋਲ ਪੇਸ਼ ਹੋ ਕੇ ਦਸੰਬਰ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਬਾਰੇ ਆਪਣਾ ਪੱਖ ਸਪਸ਼ਟ ਕੀਤਾ ਹੈ।
ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਤੋਂ ਅਸਤੀਫਾ ਦੇਣ ਬਾਰੇ ਹੋ ਰਹੀ ਬੇਲੋੜੀ ਚਰਚਾ ਸਬੰਧੀ ਉਨਾਂ ਆਪਣਾ ਪੱਖ ਸਪੱਸ਼ਟ ਕੀਤਾ ਹੈ।  ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨਾਲ ਮੁਲਾਕਾਤ ਕੀਤੀ ਹੈ।
ਉਨ੍ਹਾਂ ਆਖਿਆ ਕਿ ਮੈਂ ਕੋਈ ਅਵੱਗਿਆ ਨਹੀਂ ਕੀਤੀ ਸੀ, ਪਰ ਇਸ ਦੇ ਬਾਵਜੂਦ ਇਸ ਮਾਮਲੇ ਨੂੰ ਲੈ ਕੇ ਬੇਲੋੜੀ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਉਸ ਵੇਲੇ ਜਦੋ ਆਪਣਾ ਅਸਤੀਫਾ ਦਿੱਤਾ ਸੀ ਤਾਂ ਆਪਣਾ ਪੱਖ ਰੱਖ ਦਿੱਤਾ ਸੀ । ਅੱਜ ਮੁੜ ਇਸੇ ਮਾਮਲੇ ਨੂੰ ਲੈ ਕੇ ਆਪਣਾ ਪੱਖ ਸਪਸ਼ਟ ਕੀਤਾ ਹੈ। ਉਹਨਾਂ ਆਖਿਆ ਕਿ ਇਸ ਮਾਮਲੇ ਵਿੱਚ ਹੁਣ ਅਗਲੇਰੀ ਕਾਰਵਾਈ ਜਥੇਦਾਰ ਵੱਲੋਂ ਕੀਤੀ ਜਾਣੀ ਹੈ।