ਪੰਜਾਬ ਦੇ ਨੌਜਵਾਨ ਲਈ ਬਣੀਆਂ ਚੁਣੌਤੀਆਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ : ਫੈਡਰੇਸ਼ਨ ਆਗੂ
ਅੰਮ੍ਰਿਤਸਰ/ਏ.ਟੀ.ਨਿਊਜ਼: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਮੌਕੇ ਅਕਾਲ ਤਖ਼ਤ ’ਤੇ ਅਰਦਾਸ ਸਮਾਗਮ ਕੀਤਾ ਗਿਆ। ਇਸ ਮੌਕੇ ਫੈਡਰੇਸ਼ਨ ਆਗੂਆਂ ਵੱਲੋਂ ਪੰਜਾਬ ਵਿੱਚ ਵਧ ਰਹੀਆਂ ਸਮਾਜਿਕ ਕੁਰੀਤੀਆਂ, ਨਸ਼ਿਆਂ ਅਤੇ ਧਰਮ ਪਰਿਵਰਤਨ ਦੀ ਚੁਣੌਤੀ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਦਾ ਅਹਿਦ ਲਿਆ ਗਿਆ। ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰਚੜ੍ਹਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਲਈ ਬਣੀਆਂ ਚੁਣੌਤੀਆਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਸਿੱਖੀ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਆਪਣੇ ਵਿਰਸੇ ਨਾਲ ਜੋੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਮ ਪਰਿਵਰਤਨ ਦੇ ਮਸਲੇ ਨੂੰ ਸਿਰਫ਼ ਸਿਆਸੀ ਮੁੱਦਾ ਬਣਾਉਣ ਦੀ ਬਜਾਏ ਇਸ ਦੇ ਸਮਾਜਿਕ ਕਾਰਨਾਂ ਨੂੰ ਸਮਝਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਧਰਮ ਜਾਂ ਭਾਈਚਾਰੇ ਵਿਰੁੱਧ ਨਫ਼ਰਤ ਪੈਦਾ ਕਰਨਾ ਨਹੀਂ, ਸਗੋਂ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ, ਵਿਰਸੇ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਮਜ਼ਬੂਤ ਕਰਨਾ ਹੈ।
ਸਾਬਕਾ ਫੈਡਰੇਸ਼ਨ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਭਾਈ ਕੰਵਰਚੜ੍ਹਤ ਸਿੰਘ ਨੇ ਕਿਹਾ ਕਿ ਨਸ਼ਿਆਂ ਅਤੇ ਧਰਮ ਪਰਿਵਰਤਨ ਵਰਗੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਫੈਡਰੇਸ਼ਨ ਨੌਜਵਾਨਾਂ ਨੂੰ ਲਾਮਬੰਦ ਕਰੇਗੀ। ਇਸ ਤੋਂ ਪਹਿਲਾਂ ਤਜੇਸ਼ਵਰ ਪ੍ਰਤਾਪ ਸਿੰਘ ਵੱਲੋਂ ਅਕਾਲ ਤਖ਼ਤ ਅੱਗੇ ਅਰਦਾਸ ਕੀਤੀ ਗਈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਥਾਪਨਾ 13 ਸਤੰਬਰ 1943 ਨੂੰ ਲਾਹੌਰ ਵਿੱਚ 13 ਸਿੱਖ ਨੌਜਵਾਨਾਂ ਵੱਲੋਂ ਕੀਤੀ ਗਈ ਸੀ।











Comments (0)