ਪੰਜਾਬ ਬੰਦ ਦੌਰਾਨ ਸਖਤ ਸੁਰੱਖਿਆ ਪ੍ਰਬੰਧ
ਚੰਡੀਗੜ੍ਹ/ਏ.ਟੀ.ਨਿਊਜ਼ : ਕੌਮੀ ਇਨਸਾਫ਼ ਮੋਰਚਾ ਦੇ ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਪੰਜਾਬ ਭਰ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਬਲ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਇਸੇ ਸਬੰਧ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਨਾਲ ਲੱਗਦੀਆਂ ਸਰਹੱਦਾਂ ’ਤੇ ਵੀ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫ਼ਤਰ ਸਮੇਤ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਬੰਦ ਰੱਖੀਆਂ ਗਈਆਂ ਹਨ।
ਪਟਿਆਲਾ ਦੇ ਪੁਲਿਸ ਕਪਤਾਨ ਮੋਹਿਤ ਅਗਰਵਾਲ ਨੇ ਕਿਹਾ ਹੈ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਬੰਦ ਕਾਫ਼ੀ ਹੱਦ ਤੱਕ ਸ਼ਾਂਤ ਰਿਹਾ ਹੈ। ਸਰਕਾਰੀ ਸਕੂਲ ਸਵੇਰੇ ਆਪਣੇ ਤੈਅ ਸਮੇਂ ’ਤੇ ਖੁੱਲ੍ਹ ਗਏ ਹਨ, ਜਦਕਿ ਨਿੱਜੀ ਸਕੂਲ ਬੰਦ ਰਹੇ ਹਨ।
ਮੋਹਾਲੀ ਅਤੇ ਚੰਡੀਗੜ੍ਹ ਵਿੱਚ ਜ਼ਿਆਦਾਤਰ ਵਪਾਰਕ ਅਦਾਰਿਆਂ ਨੇ ਵਧਦੇ ਤਣਾਅ ਦਾ ਹਵਾਲਾ ਦਿੰਦਿਆਂ ਦੁਪਹਿਰ ਤੱਕ ਆਪਣੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ।
ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਨੇ ਪੁਲਿਸ ਕਾਰਵਾਈ, ਆਪਣੇ ਮੈਂਬਰਾਂ ਵਿਰੁੱਧ ਦਰਜ ਐੱਫ ਆਈ ਆਰ ਅਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ਵਿੱਚ ਅੱਜ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ । ਦਰਅਸਲ 15 ਅਗਸਤ ਨੂੰ ਚੰਡੀਗੜ੍ਹ ਪੁਲਿਸ ਨੇ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਅਤੇ ਬੈਰੀਕੇਡਾਂ ਨਾਲ ਕੌਮੀ ਇਨਸਾਫ਼ ਮੋਰਚੇ ਦਾ ਪੰਜਾਬ ਰਾਜ ਭਵਨ ਵੱਲ ਮਾਰਚ ਰੋਕ ਦਿੱਤਾ ਸੀ ਅਤੇ ਪੁਲਿਸ ਵੱਲੋਂ ਆਗੂਆਂ ਅਤੇ ਸਮਰਥਕਾਂ ਵਿਰੁੱਧ ਕਈ ਐੱਫ ਆਈ ਆਰਜ਼ ਦਰਜ ਕੀਤੀਆਂ ਗਈਆਂ ਸਨ।
ਮੋਰਚੇ ਦੀ ਮੁੱਖ ਮੰਗ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੈ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਅਜੇ ਵੀ ਜੇਲ੍ਹ ਵਿੱਚ ਹਨ, ਇਸ ਦੇ ਨਾਲ ਹੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਅਤੇ ਬੇਅਦਬੀ ਤੇ ਪੁਲਿਸ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।











Comments (0)