ਬੰਦੀ ਸਿੰਘਾਂ ਦੀ ਰਿਹਾਈ ਕਰੇ ਸਰਕਾਰ : ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਕਰੇ ਸਰਕਾਰ : ਗੜਗੱਜ

ਕਰਹਾਲੀ ਸਾਹਿਬ/ਏ.ਟੀ.ਨਿਊਜ਼:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਇਹ ਚਿੰਤਾ ਭਰਿਆ ਪ੍ਰਗਟਾਵਾ ਜਥੇਦਾਰ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਤੇ ਛੇਵੀਂ ਕਰਹਾਲੀ ਸਾਹਿਬ ( ਜ਼ਿਲ੍ਹਾ ਪਟਿਆਲਾ) ਪਟਿਆਲਾ ਵਿੱਚ ਕਰਵਾਏ ਗਏ ਮੁੱਖ ਅਰਦਾਸ ਸਮਾਗਮ ਦੌਰਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਅਰਦਾਸ ਸਮਾਗਮ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਚੇਤਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਿਤ ਮਾਮਲਿਆਂ ’ਤੇ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਕਿਸੇ ਨਾਲ ਤੁਲਨਾ ਨਹੀਂ ਕਰਦੀ, ਸਗੋਂ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਜੇਕਰ ਕਾਨੂੰਨ ਸਭ ਲਈ ਇਕ ਹੈ, ਤਾਂ ਉਸ ਦੀ ਵਰਤੋਂ ਵੀ ਇੱਕੋ ਜਿਹੀ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਸੇ ਦੇਸ਼ ਵਿੱਚ ਘਿਨੌਣੇ ਅਪਰਾਧਾਂ ’ਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਸਾਲ ਵਿੱਚ ਕਈ ਵਾਰ ਪੈਰੋਲ ਦਿੱਤੀ ਜਾਂਦੀ ਹੈ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਹਮੇਸ਼ਾ ਵਿਤਕਰਾ ਹੀ ਹੋਇਆ ਹੈ। ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਮਿਲਣ ਲਈ ਕੁਝ ਦਿਨ ਵੀ ਨਹੀਂ ਦਿੱਤੇ ਜਾ ਰਹੇ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਹੀ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਕਰਤਾਰਪੁਰ, ਜਗਮੀਤ ਸਿੰਘ ਹਰਿਆਊ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਪੀ ਏ ਸੀ ਮੈਂਬਰ ਗੁਰਧਿਆਨ ਸਿੰਘ ਭਾਨਰੀ, ਰਣਧੀਰ ਸਿੰਘ ਰੱਖੜਾ, ਕੁਲਦੀਪ ਸਿੰਘ ਹਰਪਾਲਪੁਰ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸੁਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ।