ਹਰਿਆਣਾ ਦੇ ਮੁੱਖ ਮੰਤਰੀ ਨਾਲ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋਂ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਨਾਲ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋਂ  ਮੁਲਾਕਾਤ

ਅੰਬਾਲਾ/ਏ.ਟੀ.ਨਿਊਜ਼: ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਟਕਰਾਅ ਤੋਂ ਕੁਝ ਦਿਨ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਅਤੇ ਮਸਲੇ ਦੱਸੇ। ਇਹ ਮਾਮਲਾ ਗੁਰਦੁਆਰਾ ਪੰਜੋਖਰਾ ਸਾਹਿਬ ਵਿੱਚ ਗੁਰਸਿਮਰਨ ਮੰਡ ਵੱਲੋਂ ਕਾਰ ਦੀ ਫੇਟ ਮਾਰਨ ਤੇ ਗੁਰਸਿਮਰਨ ਦੀ ਕੁੱਟਮਾਰ ਨਾਲ ਸਬੰਧਿਤ ਹੈ।
ਜਾਣਕਾਰੀ ਅਨੁਸਾਰ ਹਰਿਆਣਾ ਕਮੇਟੀ ਦੀ ਕਾਰਜਕਾਰਨੀ ਦਾ ਪੰਜ ਮੈਂਬਰੀ ਵਫ਼ਦ ਚੰਡੀਗੜ੍ਹ ਵਿਚ ਮੁੱਖ ਮੰਤਰੀ ਨੂੰ ਮਿਲਿਆ। ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਬਹੁਤ ਸਕਾਰਾਤਮਕ ਮਾਹੌਲ ਵਿੱਚ ਹੋਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਅੰਬਾਲਾ ਵਿੱਚ ਵਾਪਰੀਆਂ ਘਟਨਾਵਾਂ ’ਤੇ ਆਪਣਾ ਰੋਸ ਪ੍ਰਗਟ ਕਰਦਿਆਂ ਮੰਡ ਖ਼ਿਲਾਫ਼ ਕਾਰਵਾਈ ਕਰਨ, ਸਿੱਖ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਦਰਜ ਐੱਫ.ਆਈ.ਆਰ. ਰੱਦ ਕਰਨ ਅਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਮਸਲੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ 25 ਅਗਸਤ ਨੂੰ ਇਕੱਠ ਦਾ ਸੱਦਾ ਦਿੱਤਾ ਗਿਆ ਹੈ ਪਰ ਕਮੇਟੀ ਪ੍ਰਸ਼ਾਸਨ ਅਤੇ ਸਰਕਾਰ ਨਾਲ ਗੱਲਬਾਤ ਕਰ ਰਹੀ ਹੈ ਤਾਂ ਜੋ ਮਾਮਲਾ ਸ਼ਾਂਤੀਪੂਰਵਕ ਢੰਗ ਨਾਲ ਹੱਲ ਹੋ ਸਕੇ।

ਮੈਨੂੰ ਮੀਟਿੰਗ ਬਾਰੇ ਕੋਈ ਸੁਨੇਹਾ ਨਹੀਂ ਮਿਲਿਆ, ਕਮੇਟੀ ਨੂੰ ਧੜਿਆਂ ਵਿੱਚ ਵੰਡਣ ਦੀ ਹੋ ਰਹੀ ਹੈ ਕੋਸ਼ਿਸ਼: ਝੀਂਡਾ
ਇਸ ਦੌਰਾਨ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕਮੇਟੀ ਦੇ ਕੁਝ ਮੈਂਬਰਾਂ ਨੇ ਆਪਣੇ ਪੱਧਰ ’ਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਮੀਟਿੰਗ ਬਾਰੇ ਕੋਈ ਸੁਨੇਹਾ ਨਹੀਂ ਸੀ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਕੁਝ ਲੋਕ ਕਮੇਟੀ ਨੂੰ ਦੋ ਧੜਿਆਂ ਵਿੱਚ ਵੰਡਣਾ ਚਾਹੁੰਦੇ ਹਨ। ਅਸੀਂ ਪਹਿਲਾਂ ਹੀ 25 ਅਗਸਤ ਨੂੰ ਇਕੱਠ ਕਰਨ ਦਾ ਸੱਦਾ ਦਿੱਤਾ ਹੋਇਆ ਹੈ ਅਤੇ ਜੇਕਰ ਮੰਗਾਂ ਨਾ ਮੰਗੀਆਂ ਗਈਆਂ ਤਾਂ ਅੱਗੇ ਦਾ ਫ਼ੈਸਲਾ ਸਿੱਖ ਸੰਗਤ ਵੱਲੋਂ ਲਿਆ ਜਾਵੇਗਾ।