ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
ਨਵੀਂ ਦਿੱਲੀ/ਏ.ਟੀ.ਨਿਊਜ਼ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਕੇਂਦਰ ਸਰਕਾਰ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ ਦਾ ਹੋਵੇਗਾ। ਗਰੇਵਾਲ ਪੰਜਾਬ ਵਿੱਚ ਭਾਜਪਾ ਦੇ ਪ੍ਰਮੁੱਖ ਸਿੱਖ ਚਿਹਰਿਆਂ ਵਿੱਚੋਂ ਇੱਕ ਹਨ।ਖ਼ਾਸ ਕਰਕੇ ਦਿੱਲੀ ਸਰਹੱਦਾਂ ’ਤੇ ਹੋਏ ਕਿਸਾਨ ਅੰਦੋਲਨ ਦੌਰਾਨ ਉਹ ਕੇਂਦਰ ਸਰਕਾਰ ਦੇ ਹੱਕ ਵਿੱਚ ਖੁੱਲ੍ਹ ਕੇ ਬੋਲਦੇ ਰਹੇ, ਜਿਸ ਕਾਰਨ ਉਹ ਪੰਜਾਬ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਚਰਚਾ ਵਿੱਚ ਰਹੇ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਇਹ ਨਿਯੁਕਤੀ ਸਿੱਖ ਭਾਈਚਾਰੇ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਵਜੋਂ ਵੀ ਦੇਖੀ ਜਾ ਰਹੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਰੇਵਾਲ ਨੇ ਕਿਹਾ, ‘ਮੈਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਮੈਂ ਉਸਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਵਾਂਗਾ। ਮੈਂ ਪਹਿਲਾਂ ਵੀ ਕਈ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰ ਚੁੱਕਾ ਹਾਂ।’
ਹਰਜੀਤ ਗਰੇਵਾਲ ਪਿਛਲੇ 30 ਸਾਲਾਂ ਤੋਂ ਵੱਧ ਸਮੇਂ ਤੋਂ ਭਾਜਪਾ ਅਤੇ ਆਰ.ਐੱਸ.ਐੱਸ. ਨਾਲ ਜੁੜੇ ਹੋਏ ਹਨ। ਉਹ 2013 ਤੋਂ 2017 ਤੱਕ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਰਹੇ। 2017 ਦੀ ਪੰਜਾਬ ਵਿਧਾਨ ਸਭਾ ਚੋਣ ਵਿੱਚ ਉਹ ਰਾਜਪੁਰਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸਨ ਪਰ ਚੋਣ ਹਾਰ ਗਏ। ਉਹ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਵੀ ਰਹੇ ਹਨ ਅਤੇ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਦੇਸ਼ ਉਪ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਡੱਬੀ
ਹਰਜੀਤ ਗਰੇਵਾਲ ਭਾਜਪਾ ਦਾ ਚਰਚਿਤ ਚਿਹਰਾ ਕਿਉਂ?
2020-21 ਦੇ ਕਿਸਾਨ ਅੰਦੋਲਨ ਦੌਰਾਨ ਗਰੇਵਾਲ ਭਾਜਪਾ ਵੱਲੋਂ ਸਭ ਤੋਂ ਵੱਧ ਸਰਗਰਮ ਅਤੇ ਮੁੱਖ ਆਗੂਆਂ ਵਿੱਚ ਸ਼ਾਮਲ ਰਹੇ। ਉਹ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਦੀ ਪ੍ਰਕਿਰਿਆ ਨਾਲ ਵੀ ਜੁੜੇ ਰਹੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਈ ਮੀਟਿੰਗਾਂ ਵਿੱਚ ਸ਼ਾਮਲ ਹੋਏ।
ਗਰੇਵਾਲ ਨੇ ਕਈ ਵਾਰ ਆਰੋਪ ਲਗਾਇਆ ਕਿ ਕੁਝ ਕਿਸਾਨ ਜਥੇਬੰਦੀਆਂ ਅੰਦੋਲਨ ਖਤਮ ਨਹੀਂ ਕਰਨਾ ਚਾਹੁੰਦੀਆਂ। ਉਨ੍ਹਾਂ ਦੇ ਇਨ੍ਹਾਂ ਬਿਆਨਾਂ ਦਾ ਕਿਸਾਨ ਜਥੇਬੰਦੀਆਂ ਨੇ ਤਿੱਖਾ ਵਿਰੋਧ ਕੀਤਾ ਅਤੇ ਉਹ ਲਗਾਤਾਰ ਵਿਵਾਦਾਂ ਵਿੱਚ ਰਹੇ।
ਜੁਲਾਈ 2021 ਵਿੱਚ ਬਰਨਾਲਾ ਦੇ ਨੇੜੇ ਧਨੌਲਾ ਵਿਖੇ ਉਨ੍ਹਾਂ ਦੇ ਖੇਤ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਝੋਨੇ ਦੀ ਫਸਲ ਉਖਾੜ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਹੋਈ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਵੀ ਵਿਰੋਧ ਪ੍ਰਦਰਸ਼ਨ ਕੀਤੇ ਸਨ।











Comments (0)