ਖ਼ਾਲਸਾ ਪੰਥ ਨਸ਼ਿਆਂ ਦੇ ਦਰਿਆ ਦਾ ਵਹਿਣ ਮੋੜਨ ਦੇ ਸਮਰੱਥ : ਜਥੇਦਾਰ
ਅੰਮ੍ਰਿਤਸਰ/ਏ.ਟੀ.ਨਿਊਜ਼: ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਨਸ਼ਿਆਂ ਤੋਂ ਬਚਣ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਨਸ਼ਿਆਂ ਦਾ ਛੇਵਾਂ ਦਰਿਆ ਵਹਿ ਰਿਹਾ ਹੈ।
ਇਸ ਮਾਰੂ ਰੁਝਾਨ ਤੋਂ ਬਚਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਖ਼ਾਲਸਾ ਪੰਥ ਹੀ ਇਸ ਨਸ਼ਿਆਂ ਦੇ ਦਰਿਆ ਦਾ ਵਹਿਣ ਮੋੜਨ ਦੇ ਸਮਰੱਥ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਕੋਈ ਵਿਅਕਤੀ ਗੁਰੂ ਦੇ ਲੜ ਲੱਗੇਗਾ, ਖੰਡੇ ਬਾਟੇ ਦੀ ਪਾਹੁਲ ਛਕੇਗਾ ਅਤੇ ਗੁਰਬਾਣੀ ਤੇ ਸਿੱਖੀ ਬਾਣੇ ਦਾ ਧਾਰਨੀ ਬਣੇਗਾ, ਤਾਂ ਉਹ ਖੁਦ-ਬ-ਖੁਦ ਹੀ ਅਜਿਹੀਆਂ ਬੁਰਾਈਆਂ ਤੋਂ ਦੂਰ ਹੋ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਜਥੇਦਾਰ ਨੇ ਇਸ ਮਹਾਨ ਸੰਸਥਾ ਦੀ ਸਥਾਪਨਾ ਦੇ ਮਹੱਤਵ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਦੇ ਤਖ਼ਤ ਦੇ ਸਿਧਾਂਤ, ਮਰਿਆਦਾ ਅਤੇ ਸਰਵਉੱਚਤਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਦੀ ਲੋੜ ਹੈ। ਇਸ ਵੇਲੇ ਕੁਝ ਤਾਕਤਾਂ ਇਸ ਸਰਵਉੱਚਤਾ ਦੇ ਸਿਧਾਂਤ ਅਤੇ ਹੋਂਦ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਨ੍ਹਾਂ ਨੂੰ ਪਛਾਨਣ ਦੀ ਲੋੜ ਹੈ। ਉਨ੍ਹਾਂ ਸਿੱਖ ਕੌਮ ਨੂੰ ਕਿਹਾ ਕਿ ਉਹ ਅਜਿਹੀਆਂ ਅੰਦਰੂਨੀ ਤੇ ਬਾਹਰੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਮੇਸ਼ਾ ਇਕਜੁੱਟ ਅਤੇ ਚੌਕਸ ਰਹਿਣ। ਉਨ੍ਹਾਂ ਕੌਮ ਨੂੰ ਸ਼ਸਤਰਧਾਰੀ ਹੋਣ ਲਈ ਵੀ ਪ੍ਰੇਰਿਆ ਅਤੇ ਸਪੱਸ਼ਟ ਕੀਤਾ ਕਿ ਇਹ ਸ਼ਸਤਰ ਮਜ਼ਲੂਮਾਂ ਦੀ ਰਾਖੀ ਵਾਸਤੇ ਹਨ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਵੀ ਹਾਜ਼ਰ ਸਨ।











Comments (0)