ਦਲ ਖਾਲਸਾ ਵੱਲੋਂ 6 ਜੂਨ ਨੂੰ ਦਰਬਾਰ ਸਾਹਿਬ ‘ਤੇ ਹਮਲੇ ਦੇ ਰੋਸ ਵਜੋਂ ਅੰਮ੍ਰਿਤਸਰ ਬੰਦ ਦਾ ਸੱਦਾ

ਦਲ ਖਾਲਸਾ ਵੱਲੋਂ 6 ਜੂਨ ਨੂੰ ਦਰਬਾਰ ਸਾਹਿਬ ‘ਤੇ ਹਮਲੇ ਦੇ ਰੋਸ ਵਜੋਂ ਅੰਮ੍ਰਿਤਸਰ ਬੰਦ ਦਾ ਸੱਦਾ

ਅੰਮ੍ਰਿਤਸਰ/ਬਿਊਰੋ ਨਿਊਜ਼ :

ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਫੌਜੀ ਹਮਲੇ ਸਾਕਾ ਨੀਲਾ ਤਾਰਾ ਦੀ 34ਵੀਂ ਬਰਸੀ ਮੌਕੇ ਦਲ ਖਾਲਸਾ ਵੱਲੋਂ 6 ਜੂਨ ਨੂੰ ਦਰਬਾਰ ਸਾਹਿਬ ‘ਤੇ ਹਮਲੇ ਦੇ ਰੋਸ ਵਜੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦਲ ਖਾਲਸਾ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖ਼ਜ਼ਾਨੇ ਵਿਰੁੱਧ ਅਤੇ ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾਂ ਦੇ ਕਤਲੇਆਮ ਦੀ ਅੰਤਰਰਾਸ਼ਟਰੀ ਸੰਸਥਾ ਵੱਲੋਂ ਜਾਂਚ ਦੀ ਮੰਗ ਸਬੰਧੀ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਇਸ ਸਬੰਧ ਵਿੱਚ 5 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ, ਜੋ ਗੁਰਦੁਆਰਾ ਪਾਤਸ਼ਾਹੀ ਛੇਂਵੀ ਰਣਜੀਤ ਐਵੇਨਿਊ  ਤੋਂ ਸ਼ੁਰੂ ਹੋ ਕੇ ਪ੍ਰਮੁੱਖ ਬਜ਼ਾਰਾਂ ਵਿੱਚੋਂ ਦੀ ਲੰਘਦਾ ਹੋਇਆ ਦਰਬਾਰ ਸਾਹਿਬ ਪੁੱਜੇਗਾ।
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਦੱਸਿਆ ਕਿ ਘੱਲੂਘਾਰੇ ਨਾਲ ਸਬੰਧਤ ਪ੍ਰੋਗਰਾਮ ਦਾ ਫੈਸਲਾ ਬੀਤੀ ਸ਼ਾਮ ਪਾਰਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ, ਜਿਸ ਵਿੱਚ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਸਤਿਨਾਮ ਸਿੰਘ ਪਾਉਂਟਾ ਸਾਹਿਬ, ਬਲਦੇਵ ਸਿੰਘ ਸਿਰਸਾ, ਜਸਵੀਰ ਸਿੰਘ ਖੰਡੂਰ, ਅਮਰੀਕ ਸਿੰਘ ਈਸੜੂ, ਪਰਮਜੀਤ ਸਿੰਘ ਟਾਂਡਾ, ਰਣਬੀਰ ਸਿੰਘ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਆਦਿ ਹਾਜ਼ਿਰ ਸਨ। ਉਨ੍ਹਾਂ ਕਿਹਾ ਕਿ 5 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਮਾਰਚ ਮੋਟਰਸਾਈਕਲਾਂ ਅਤੇ ਖੁੱਲ੍ਹੀਆਂ ਗੱਡੀਆਂ ਵਿੱਚ ਸਵਾਰ ਹੋ ਕੇ ਕੱਢਿਆ ਜਾਵੇਗਾ।

ਇਹ ਮਾਰਚ ਸ਼ਾਂਤਮਈ ਢੰਗ ਨਾਲ ਹੋਵੇਗਾ। ਉਨ੍ਹਾਂ ਨੇ ਸ਼ਹਿਰ ਦੇ ਸਮੂਹ ਭਾਈਚਾਰਿਆਂ ਤੋਂ ਬੰਦ ਲਈ ਸਹਿਯੋਗ ਦੀ ਮੰਗ ਕਰਦਿਆਂ ਸਪੱਸ਼ਟ ਕੀਤਾ ਕਿ ਉਸ ਦਿਨ ਕਾਰੋਬਾਰੀ ਅਦਾਰੇ, ਪੈਟਰੋਲ ਪੰਪ, ਵਿਦਿਅਕ ਅਦਾਰੇ, ਸਿਨੇਮਾ ਹਾਲ, ਬੈਂਕ ਆਦਿ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਸੜਕੀ ਜਾਂ ਰੇਲ ਆਵਾਜਾਈ ਨਹੀਂ ਰੋਕੀ ਜਾਵੇਗੀ ਅਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਬੰਦ ਨਹੀਂ ਕਰਾਇਆ ਜਾਵੇਗਾ।

ਦਲ ਖਾਲਸਾ ਦੇ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਦਾ ਦ੍ਰਿਸ਼