ਐਸਵਾਈਐਲ ਮੁੱਦੇ ‘ਤੇ ਸੰਘਰਸ਼ ਤੋਂ ਗੁਰੇਜ਼ ਨਹੀਂ ਕਰਾਂਗੇ: ਢੀਂਡਸਾ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ।
ਸੰਗਰੂਰ\ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਸਵਾਈਐਲ ਮੁੱਦੇ ‘ਤੇ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਨੇ ਐਸਵਾਈਐਲ ਸਬੰਧੀ ਆਪਣਾ ਫ਼ੈਸਲਾ ਸੁਣਾ ਦਿੱਤਾ ਗਿਆ ਹੈ, ਫਿਰ ਵੀ ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ ‘ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕਿਸੇ ਵੀ ਸੰਘਰਸ਼ ਤੋਂ ਗੁਰੇਜ਼ ਨਹੀਂ ਕਰੇਗਾ।
ਸ੍ਰੀ ਢੀਂਡਸਾ ਨੇ ਕਿਹਾ ਕਿ ਐਸਵਾਈਐਲ ਦੀ ਉਸਾਰੀ ਲਈ ਕਾਂਗਰਸ ਜ਼ਿੰਮੇਵਾਰ ਹੈ ਤੇ ਹੁਣ ਕਾਂਗਰਸੀ ਆਗੂ ਇਸ ਦੇ ਵਿਰੋਧ ਵਿੱਚ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਇਸ ਮੁੱਦੇ ‘ਤੇ ਪੰਜਾਬ ਖ਼ਿਲਾਫ਼ ਹਲਫਨਾਮਾ ਦੇ ਕੇ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਦੇ ਪਾਣੀਆਂ ‘ਤੇ ਹਰਿਆਣਾ ਸਮੇਤ ਹੋਰਾਂ ਦਾ ਵੀ ਹੱਕ ਹੈ। ਇਸ ਕਰਕੇ ‘ਆਪ’ ਤੋਂ ਪਾਣੀਆਂ ਦੀ ਰਾਖੀ ਦੀ ਉਮੀਦ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਵੇਗਾ। ਉਨ੍ਹਾਂ ਦਿੱਲੀ ਗੁਰਦੁਆਰਾ ਚੋਣਾਂ ਬਾਰੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖ ਸੰਗਤ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਕਾਂਝਲਾ ਤੇ ਐਸਜੀਪੀਸੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਵੀ ਹਾਜ਼ਰ ਸਨ।











Comments (0)