ਕਿਸਾਨਾਂ ਦੀ ਕਰਜ਼ਾ ਮੁਆਫ਼ੀ ‘ਚ ਅੜਿੱਕਾ ਬਣੀ ਗੁਰਦਾਸਪੁਰ ਜ਼ਿਮਨੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ :
ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਚੋਣ ਪ੍ਰੋਗਰਾਮ ਦੇ ਐਲਾਨ ਕਰਨ ਕਰਕੇ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਵਿਚ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਦੀ ਪ੍ਰਕਿਰਿਆ ਫਿਲਹਾਲ ਰੁਕ ਗਈ ਹੈ। ਇਹ ਉਪ ਚੋਣ 11 ਅਕਤੂਬਰ ਨੂੰ ਹੋਣੀ ਹੈ ਪਰ ਇਸ ਦੇ ਬਾਵਜੂਦ ਚੋਣ ਜ਼ਾਬਤਾ ਅਕਤੂਬਰ ਦੇ ਤੀਜੇ ਹਫ਼ਤੇ ਤੱਕ ਜਾਰੀ ਰਹੇਗਾ। ਇਸ ਦੌਰਾਨ ਪਤਾ ਲੱਗਾ ਹੈ ਕਿ 20 ਸਤੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਵਿਚ ਖੇਤੀ ਵਿਗਿਆਨੀ ਡਾ. ਟੀ. ਹੱਕ ਕਮੇਟੀ ਦੀਆਂ ਸਿਫਾਰਸ਼ਾਂ ਤੇ ਹੁਣ ਸ਼ਾਇਦ ਹੀ ਵਿਚਾਰ ਵਟਾਂਦਰਾ ਜਾਂ ਫੈਸਲਾ ਲਿਆ ਜਾ ਸਕੇ। ਇਸ ਕਮੇਟੀ ਨੇ ਜੋ ਰਿਪੋਰਟ ਪੇਸ਼ ਕੀਤੀ ਸੀ, ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਕੱਤਰੇਤ ਵਿਚ ਕਿਤੇ ਦੱਬੀ ਪਈ ਹੈ। ਉਧਰ ਮੰਤਰੀ ਮੰਡਲ ਵੱਲੋਂ ਇਸ ਬਾਰੇ ਬਣਾਈ ਗਈ ਸਬ ਕਮੇਟੀ ਦੀ ਇੱਥੇ ਹੋਈ ਮੀਟਿੰਗ ਵਿਚ ਕਿਸਾਨਾਂ ਦੇ ਪ੍ਰਤੀਨਿਧੀਆਂ ਨੂੰ ਸਰਕਾਰ ਦੀ ਮਜਬੂਰੀ ਤੋਂ ਜਾਣੂ ਕਰਵਾ ਦਿੱਤਾ ਗਿਆ ਜਿਸ ਕਰਕੇ ਉਨ੍ਹਾਂ ਨਿਰਾਸ਼ਾ ਪ੍ਰਗਟ ਕੀਤੀ। ਮੀਟਿੰਗ ਦੀ ਪ੍ਰਧਾਨਗੀ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤੀ, ਜਦੋਂਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤਰਾਜਿੰਦਰ ਸਿੰਘ ਬਾਜਵਾ ਵੀ ਇਸ ਮੌਕੇ ‘ਤੇ ਮੌਜੂਦ ਸਨ। ਕਿਸਾਨਾਂ ਦੇ ਪ੍ਰਤੀਨਿਧੀਆਂ ਨੂੰ ਦੱਸਿਆ ਗਿਆ ਕਿ ਹੁਣ ਤਾਂ ਉਪ ਚੋਣ ਮੁਕੰਮਲ ਹੋਣ ਤੇ ਕੋਡ ਦੇ ਖਾਤਮੇ ਤੋਂ ਪਿੱਛੋਂ ਹੀ ਕੋਈ ਫੈਸਲਾ ਸੰਭਵ ਹੈ। ਸਿੱਧੂ ਨੇ ਦੱਸਿਆ ਕਿ ਅਸੀਂ ਕਿਸਾਨਾਂ ਦਾ ਪੱਖ ਚੰਗੀ ਤਰ੍ਹਾਂ ਸਮਝ ਲਿਆ ਹੈ, ਜਿਸ ਬਾਰੇ ਮੁੱਖ ਮੰਤਰੀ ਨੂੰ ਵਿਦੇਸ਼ੀ ਦੌਰੇ ਤੋਂ ਵਾਪਸੀ ‘ਤੇ ਦੱਸ ਦਿੱਤਾ ਜਾਵੇਗਾ। ਉਧਰ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੰਤਰੀ ਮੰਡਲ ਦੀ ਸਬ ਕਮੇਟੀ ਨੇ ਆਪਣੀ ਰਿਪੋਰਟ ਪੇਸ਼ ਕਰਨ ਲਈ 2 ਮਹੀਨਿਆਂ ਦਾ ਹੋਰ ਸਮਾਂ ਮੰਗ ਲਿਆ ਹੈ।











Comments (0)