ਮਰਹੂਮ ਇੰਦਰਪ੍ਰੀਤ ਸਿੰਘ ਚੱਢਾ ਦੀ ਯਾਦ ‘ਚ ਲੰਗਰ ਲਾਏ ਤੋਂ ਵੀ ਵਿਵਾਦ ਉਭਰਿਆ

ਮਰਹੂਮ ਇੰਦਰਪ੍ਰੀਤ ਸਿੰਘ ਚੱਢਾ ਦੀ ਯਾਦ ‘ਚ ਲੰਗਰ ਲਾਏ ਤੋਂ ਵੀ ਵਿਵਾਦ ਉਭਰਿਆ
ਯਤੀਮਖਾਨਾ ਵਿੱਚ ਲੰਗਰ ਦੌਰਾਨ ਚਰਨਜੀਤ ਸਿੰਘ ਚੱਢਾ ਅਤੇ ਵਿਧਾਇਕ ਰਾਜ ਕੁਮਾਰ ਤੇ ਹੋਰ ਦਿਖਾਈ ਦਿੰਦੇ ਹੋਏ।

ਅੰਮ੍ਰਿਤਸਰ/ਬਿਊਰੋ ਨਿਊਜ਼:
ਇਤਰਾਜ਼ਯੋਗ ਵੀਡਿਓ ਕਾਰਨ ਵਿਵਾਦ ਵਿਚ ਫਸੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੱਢਾ ਵੱਲੋਂ ਐਤਵਾਰ ਨੂੰ ਇਥੇ ਸੈਂਟਰਲ ਯਤੀਮਖਾਨਾ ਵਿਖੇ ਆਪਣੇ ਸਵਰਗੀ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਦੀ ਯਾਦ ਵਿਚ ਲਾਏ ਲੰਗਰ ‘ਤੇ ਵੀ ਵਿਵਾਦ ਸ਼ੁਰੂ ਹੋ ਗਿਆ । ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਅਤੇ ਸਿੱਖ ਫੋਰਮ ਦੇ ਮੁਖੀ ਭਾਗ ਸਿੰਘ ਅਣਖੀ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੱਢਾ ਵਲੋਂ ਯਤੀਮਖਾਨਾ ਵਿਚ ਲੰਗਰ ਦੇ ਨਾਂ ‘ਤੇ ਮੀਟਿੰਗ ਕਰਕੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਸੱਦਾ ਦਿੱਤਾ ਕਿ ਸਿੱਖ ਸੰਸਥਾ ਨੂੰ ਬਚਾਉਣ ਲਈ ਅੱਗੇ ਆਵੇ।
ਵਿਵਾਦਤ ਸਿੱਖ ਆਗੂ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ।ਅੱਜ ਉਸੇ ਦੀ ਯਾਦ ਵਿਚ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚਲ ਰਹੇ ਯਤੀਮਖਾਨੇ ਵਿਖੇ ਲਵਾਰਸ ਬੱਚਿਆਂ ਅਤੇ ਬਜ਼ੁਰਗਾਂ ਵਾਸਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਜਿਸ ਵਿਚ ਸ਼ਾਮਲ ਹੋਣ ਲਈ ਸਵਰਗੀ ਇੰਦਰਪ੍ਰੀਤ ਦੇ ਪਰਿਵਾਰਕ ਮੈਂਬਰ ਪੁੱਜੇ ਹੋਏ ਸਨ। ਇਨ੍ਹਾਂ ਵਿਚ ਚਰਨਜੀਤ ਸਿੰਘ ਚੱਢਾ ਅਤੇ ਦੀਵਾਨ ਦੇ ਕੁਝ ਮੈਂਬਰ ਵੀ ਸ਼ਾਮਲ ਸਨ। ਜਿਨ੍ਹਾਂ ਵਿਚ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ , ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ, ਹਰਮਿੰਦਰ ਸਿੰਘ ਤੇ ਹੋਰ ਸ਼ਾਮਲ ਸਨ। ਇਸੇ ਤਰ੍ਹਾਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ, ਓਪੀ ਸੋਨੀ, ਸਾਬਕਾ ਵਿਧਾਇਕ ਪ੍ਰੋ. ਦਰਬਾਰੀ ਲਾਲ ਤੇ ਹੋਰ ਵੀ ਹਾਜ਼ਰ ਸਨ।
ਇਸ ਦੌਰਾਨ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਭਾਗ ਸਿੰਘ ਅਣਖੀ ਨੇ ਸੋਸ਼ਲ ਮੀਡੀਆ ‘ਤੇ ਆਪਣਾ ਇਕ ਬਿਆਨ ਵਾਇਰਲ ਕਰਦਿਆਂ ਆਖਿਆ ਕਿ ਅੱਜ ਚਰਨਜੀਤ ਸਿੰਘ ਚੱਢਾ ਵਲੋਂ ਯਤੀਮਖਾਨਾ ਕੈਂਪਸ ਵਿਚ ਦੀਵਾਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।ਉਨ੍ਹਾਂ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਚੱਢਾ ਖਿਲਾਫ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ।
ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ ਨੇ ਆਖਿਆ ਕਿ ਚਰਨਜੀਤ ਸਿੰਘ ਚੱਢਾ ਨੇ ਦੀਵਾਨ ਦੇ ਮੈਂਬਰਾਂ ਨਾਲ  ਕੋਈ ਮੀਟਿੰਗ ਨਹੀਂ ਕੀਤੀ ਹੈ। ਇਸ ਮੌਕੇ ਇੰਦਰਪ੍ਰੀਤ ਸਿੰਘ ਚੱਢਾ ਦੇ ਪਰਿਵਾਰ ਵਲੋਂ ਉਸ ਦੀ ਯਾਦ ਵਿਚ ਇਥੇ ਲਵਾਰਸ ਬੱਚਿਆਂ ਤੇ ਬਜ਼ੁਰਗਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ ਜਿਸ ਵਿਚ ਉਹ ਸਾਰੇ ਸ਼ਾਮਲ ਹੋਏ ਸਨ।