ਅਕਾਲ ਤਖ਼ਤ ਨੇ ਚੱਢਾ ਨੂੰ ਦਿੱਤੀ ਨਸੀਹਤ ‘ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਪਹਿਲਾਂ ਚੀਫ ਖ਼ਾਲਸਾ ਦੀਵਾਨ ਦੀ ਪ੍ਰਧਾਨਗੀ ਛੱਡ ਦਿਓ’

ਅਕਾਲ ਤਖ਼ਤ ਨੇ ਚੱਢਾ ਨੂੰ ਦਿੱਤੀ ਨਸੀਹਤ ‘ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਪਹਿਲਾਂ ਚੀਫ ਖ਼ਾਲਸਾ ਦੀਵਾਨ ਦੀ ਪ੍ਰਧਾਨਗੀ ਛੱਡ ਦਿਓ’

ਅੰਮ੍ਰਿਤਸਰ/ਬਿਊਰੋ ਨਿਊਜ਼:
ਇਤਰਾਜ਼ਯੋਗ ਵੀਡੀਓ ਕਾਰਨ ਵਿਵਾਦਾਂ ਵਿੱਚ ਘਿਰੇ ਚੀਫ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਦਾ ਸੰਕਟ ਵਧਦਾ ਜਾ ਰਿਹਾ ਹੈ। ਉਸ ਨੂੰ 23 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੋਇਆ ਹੈ, ਪਰ ਇਸ ਤੋਂ ਪਹਿਲਾਂ ਅਕਾਲ ਤਖ਼ਤ ਵੱਲੋਂ ਉਸ ਨੂੰ ਨਸੀਹਤ ਦਿੱਤੀ ਗਈ ਹੈ ਕਿ ਅਕਾਲ ਤਖ਼ਤ ‘ਤੇ ਨਿਮਾਣੇ ਸਿੱਖ ਵਜੋਂ ਹਾਜ਼ਰ ਹੋਣ ਤੋਂ ਪਹਿਲਾਂ ਉਹ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਵੇ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਥੇਦਾਰ ਵੱਲੋਂ ਚਰਨਜੀਤ ਸਿੰਘ ਚੱਢਾ ਨੂੰ ਆਖਿਆ ਗਿਆ ਹੈ ਕਿ ਉਹ 23 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਨਿਮਾਣੇ ਸਿੱਖ ਵਜੋਂ ਪੇਸ਼ ਹੋਵੇ। ਇਸ ਵਾਸਤੇ ਉਹ ਪਹਿਲਾਂ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਵੇ। ਦੱਸਣਯੋਗ ਹੈ ਕਿ ਅਕਾਲ ਤਖ਼ਤ ਵੱਲੋਂ ਪਹਿਲਾਂ ਹੀ ਉਸ ਦੇ ਪ੍ਰਧਾਨ ਸਮੇਤ ਸਾਰੇ ਅਹੁਦਿਆਂ ‘ਤੇ ਕੰਮ ਕਰਨ ਉਤੇ ਰੋਕ ਲਾਈ ਹੋਈ ਹੈ।
ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵੀ ਇਕ ਮਤਾ ਪਾਸ ਕੀਤਾ ਹੈ, ਜਿਸ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਨੈਤਿਕ ਕੰਮਾਂ ਨਾਲ ਸਿੱਖ ਕੌਮ ਦਾ ਸਿਰ ਨੀਵਾਂ ਕਰਨ ਵਾਲੇ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਿੱਖ ਪੰਥ ਦੀ ਦਿੱਖ ਨੂੰ ਮੁੜ ਸਿਖ਼ਰ ‘ਤੇ  ਲਿਜਾਣ ਲਈ ਢੁਕਵੀਂ ਕਾਰਵਾਈ ਕਰਨ।
ਸ਼੍ਰੋਮਣੀ ਕਮੇਟੀ ਵੱਲੋਂ ਪਾਸ ਮਤੇ ਦੀ ਰੌਸ਼ਨੀ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ। ਇਸੇ ਤਰ੍ਹਾਂ ਚੀਫ ਖ਼ਾਲਸਾ ਦੀਵਾਨ ਦੇ ਕੁਝ ਮੈਂਬਰਾਂ ਨੇ ਵੀ ਮੀਟਿੰਗ ਕਰਕੇ ਮਤਾ ਪਾਸ ਕੀਤਾ ਸੀ, ਜਿਸ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਉਹ ਚੀਫ ਖ਼ਾਲਸਾ ਦੀਵਾਨ ਦੇ ਇਸ ਆਗੂ ਨੂੰ ਪੰਥ ਵਿੱਚੋਂ ਖ਼ਾਰਜ ਕਰਨ। ਇਹ ਮਤਾ ਸ਼੍ਰੋਮਣੀ ਕਮੇਟੀ ਨੂੰ ਵੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਨ ਲਈ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਕੁਝ ਮੈਂਬਰਾਂ ਵੱਲੋਂ ਉਸ ਕੋਲੋਂ ਅਸਤੀਫ਼ੇ ਦੀ ਮੰਗ ਕਰਦਿਆਂ ਉਸ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਵੀ ਦਿੱਤਾ ਗਿਆ ਸੀ। ਉਸ ਵੱਲੋਂ ਅਸਤੀਫ਼ਾ ਨਾ ਦਿੱਤੇ ਜਾਣ ‘ਤੇ ਦੀਵਾਨ ਦੇ ਸੰਵਿਧਾਨ ਦੀ ਇਕ ਧਾਰਾ ਦੀ ਵਰਤੋਂ ਕਰਦਿਆਂ ਇਨ੍ਹਾਂ ਮੈਂਬਰਾਂ ਨੇ ਸੀਨੀਅਰ ਮੀਤ ਪ੍ਰਧਾਨ ਧਨਰਾਜ ਸਿੰਘ ਨੂੰ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਸੀ। ਇਸ ਕਾਰਵਾਈ ਤੋਂ ਤੁਰੰਤ ਬਾਅਦ ਹੀ ਚਰਨਜੀਤ ਸਿੰਘ ਚੱਢਾ ਨੇ ਪੱਤਰ ਜਾਰੀ ਕਰਕੇ ਆਪਣੀ ਥਾਂ ‘ਤੇ ਧਨਰਾਜ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਸੀ, ਪਰ ਉਸ ਵੱਲੋਂ ਹੁਣ ਤੱਕ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਗਿਆ।
ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਦੱਸਿਆ ਕਿ ਹੁਣ ਤੱਕ ਸ੍ਰੀ ਚੱਢਾ ਵੱਲੋਂ ਪ੍ਰਧਾਨ ਸਮੇਤ ਕਿਸੇ ਵੀ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਖ਼ੁਲਾਸਾ ਕੀਤਾ ਕਿ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਮੀਟਿੰਗ 5 ਫਰਵਰੀ ਨੂੰ ਸੱਦ ਲਈ ਹੈ, ਜਦੋਂਕਿ 6 ਫਰਵਰੀ ਨੂੰ ਜਨਰਲ ਹਾਊਸ ਮੀਟਿੰਗ ਸੱਦੀ ਹੋਈ ਹੈ। ਇਸ ਵਿੱਚ ਬਹੁਸੰਮਤੀ ਮੈਂਬਰਾਂ ਦੀ ਰਾਇ ਨਾਲ ਚਰਨਜੀਤ ਸਿੰਘ ਚੱਢਾ ਨੂੰ ਪ੍ਰਧਾਨ ਸਮੇਤ ਹੋਰ ਅਹੁਦਿਆਂ ਤੋਂ ਹਟਾਉਣ ਬਾਰੇ ਵਿਚਾਰ ਚਰਚਾ ਹੋਵੇਗੀ।