ਪਾਕਿ ਦੀ ਪਹਿਲਕਦਮੀ ਤੋਂ ਬਾਅਦ ਮੋਦੀ ਸਰਕਾਰ ਨੇ ਵੀ ਲਿਆ ”ਕਰਤਾਰਪੁਰ-ਕੋਰੀਡੋਰ” ਖੋਲ੍ਹਣ ਦਾ ਫੈਸਲਾ

ਪਾਕਿ ਦੀ ਪਹਿਲਕਦਮੀ ਤੋਂ ਬਾਅਦ ਮੋਦੀ ਸਰਕਾਰ ਨੇ ਵੀ ਲਿਆ ”ਕਰਤਾਰਪੁਰ-ਕੋਰੀਡੋਰ” ਖੋਲ੍ਹਣ ਦਾ ਫੈਸਲਾ

ਨਵੀਂ ਦਿੱਲੀ/ਬਿਊਰੋ ਨਿਊਜ਼ :

ਦੋ ਦਿਨ ਪਹਿਲਾਂ ਤਕ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਵੱਡੇ ਨਵੇਂ ਟੈਲੀਸਕੋਪ ਲਾਉਣ ਦੀ ਗੱਲ ਕਰ ਰਹੀ ਮੋਦੀ ਸਰਕਾਰ ਨੇ ਅਚਾਨਕ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ ਕਰਵਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਦਰਅਸਲ ਪਾਕਿਸਤਾਨ ਨੇ ਆਪਣੇ ਵਾਲੇ ਪਾਸੇ ਗਲਿਆਰੇ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਦਾ ਐਲਾਨ ਕਰ ਦਿੱਤਾ ਸੀ।ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਐਲਾਨ ਕੀਤਾ ਕਿ ਉਨ੍ਹਾਂ ਕਰਤਾਰਪੁਰ ਸਾਹਿਬ ਦੇ ਗਲਿਆਰੇ ਦੀ ਉਸਾਰੀ ਸ਼ੁਰੂ ਕਰਵਾਉਣ ਸਬੰਧੀ ਪਹਿਲਾਂ ਹੀ ਭਾਰਤ ਸਰਕਾਰ ਨੂੰ ਸੂਚਿਤ ਕਰ ਦਿੱਤਾ ਸੀ ਪਰ ਤਾਰੀਖ਼ ਤੈਅ ਨਾ ਹੋਣ ਕਾਰਨ ਐਲਾਨ ਨਹੀਂ ਸੀ ਕੀਤਾ। ਭਾਰਤ ਦੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਕੁਝ ਹੀ ਸਮੇਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰ ਕੇ ਦੱਸਿਆ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਨਵੰਬਰ ਤੋਂ ਕਰਤਾਰਪੁਰ ਸਾਹਿਬ ਤੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਗਲਿਆਰੇ ਦੀ ਉਸਾਰੀ ਲਈ ਟੱਕ ਲਾ ਕੇ ਸ਼ੁਰੂਆਤ ਕਰਨਗੇ।
ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਕਰਤਾਰਪੁਰ ਵਿਚ ਦਰਿਆ ਰਾਵੀ ਕੰਢੇ ਸੁਸ਼ੋਭਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤਕ ਲਾਂਘਾ ਤਿਆਰ ਕਰੇਗੀ ਅਤੇ ਇਸ ਨੂੰ ਵਿਕਸਤ ਕਰੇਗੀ। ਇਹ ਐਲਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਹੈ।ਲਾਂਘਾ ਤਿਆਰ ਕਰਨ ਸਬੰਧੀ ਇਤਿਹਾਸਕ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਇਸ ਦੌਰਾਨ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਸਰਹੱਦ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਤੱਕ ਲਾਂਘਾ ਤਿਆਰ ਕਰੇ ਤਾਂ ਜੋ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।
ਰਾਜਨਾਥ ਸਿੰਘ ਨੇ ਮੀਟਿੰਗ ਦੇ ਫੈਸਲਿਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਰਕਾਰ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰੇਗੀ। ਇੱਥੇ ਗੁਰੂ ਨਾਨਕ ਦੇਵ ਜੀ ਦੇ ਸਮੇਂ ਦੇ ਹਾਲਾਤ ਤੇ ਸਭਿਅਤਾ ਤੋਂ ਸ਼ਰਧਾਲੂਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਤਹਿਤ ‘ਪਿੰਡ ਬਾਬੇ ਨਾਨਕ ਦਾ’ ਵੀ ਉਸਾਰਿਆ ਜਾਵੇਗਾ। ਸੁਲਤਾਨਪੁਰ ਲੋਧੀ ਦਾ ਰੇਲਵੇ ਸਟੇਸ਼ਨ ਵੀ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚ ਸਰਬ ਧਰਮ ਕੇਂਦਰ ਸਥਾਪਿਤ ਕੀਤਾ ਜਾਵੇਗਾ। ਕੈਨੇਡਾ ਅਤੇ ਬਰਤਾਨੀਆ ‘ਚ ਇਕ-ਇਕ ਯੂਨੀਵਰਸਿਟੀ ਵਿਚ ਗੁਰੂ ਨਾਨਕ ਦੇਵ ਚੇਅਰ ਸਥਾਪਿਤ ਕੀਤੀ ਜਾਵੇਗੀ। ਨਵੀਂ ਦਿੱਲੀ ਵਿਚ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਸਿੱਖਿਆਵਾਂ ਉੱਤੇ ਅੰਤਰਾਰਸ਼ਟਰੀ ਸੈਮੀਨਾਰ ਹੋਣਗੇ। ਇਸ ਤੋਂ ਇਲਾਵਾ ਸਰਕਾਰ ਵਲੋਂ ਸਿੱਕੇ ਅਤੇ ਮੋਹਰਾਂ ਵੀ ਜਾਰੀ ਕੀਤੀਆਂ ਜਾਣਗੀਆਂ। ਦੇਸ਼ ਭਰ ਵਿਚ ਸਮਾਗਮ ਰਚਾਏ ਜਾਣਗੇ। ਦੂਰਦਰਸ਼ਨ ਉੱਤੇ ਗੁਰੂ ਨਾਨਕ ਦੇਵ ਜੀ ਅਤੇ ਗੁਰਬਾਣੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਚੱਲਣਗੇ। ਰੇਲਵੇ ਮੰਤਰਾਲਾ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਥਾਨਾਂ ਲਈ ਵਿਸ਼ੇਸ਼ ਰੇਲ ਗੱਡੀ ਚਲਾਵੇਗਾ। ਉਨ੍ਹਾਂ ਕਿਹਾ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਢੁਕਵੇਂ ਸਮਾਗਮ ਕਰਵਾਉਣ ਲਈ ਕਿਹਾ ਗਿਆ ਹੈ। ਵਿਦੇਸ਼ਾਂ ਵਿਚ ਭਾਰਤੀ ਸਫ਼ਾਰਤਖਾਨੇ ਵੀ ਗੁਰੂ ਜੀ ਸਬੰਧੀ ਵਿਸ਼ੇਸ਼ ਸਮਾਗਮ ਰਚਾਉਣਗੇ। ਯੂਨੈਸਕੋ ਨੂੰ ਵੀ ਗੁਰੂ ਦੀ ਬਾਣੀ ਨੂੰ ਦੁਨੀਆ ਦੀਆਂ ਸਮੂਹ ਭਾਸ਼ਾਵਾਂ ਵਿਚ ਪ੍ਰਕਾਸ਼ਿਤ ਕਰਨ ਦੀ ਅਪੀਲ ਕੀਤੀ ਗਈ ਹੈ। ਨੈਸ਼ਨਲ ਬੁੱਕ ਟਰੱਸਟ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਵਿਚ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਪ੍ਰਕਾਸ਼ਿਤ ਕਰੇਗਾ। ਗ੍ਰਹਿ ਮੰਤਰੀ ਦੀ ਅਗਵਾਈ ਵਿਚ ਉੱਚ ਤਾਕਤੀ ਕਮੇਟੀ ਉਲੀਕੇ ਪ੍ਰੋਗਰਾਮਾਂ ਦੀ ਸਮੇਂ-ਸਮੇਂ ਨਜ਼ਰਸਾਨੀ ਕਰੇਗੀ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਪੱਛਮੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਵਿਚ ਸਥਿਤ ਹੈ। ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅੰਤਿਮ ਸਮਾਂ ਬਤੀਤ ਕੀਤਾ ਸੀ। ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਲਈ ਲਾਂਘਾ ਲੈਣ ਲਈ, ਲੰਬੇ ਸਮੇਂ ਤੋਂ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਬੇਨਤੀਆਂ ਕਰਦੇ ਰਹੇ ਹਨ ਅਤੇ ਵਿਸ਼ੇਸ਼ ਤੌਰ ਉੱਤੇ ਸਿੱਖ ਸ਼ਰਧਾਲੂ ਡੇਰਾ ਬਾਬਾ ਨਾਨਕ ਤੋਂ ਇਸ ਕਾਰਜ ਦੀ ਪੂਰਤੀ ਲਈ ਅਰਦਾਸ ਕਰਦੇ ਰਹੇ ਹਨ। ਡੇਰਾ ਬਾਬਾ ਨਾਨਕ ਅੰਤਰਾਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਪ੍ਰਬੰਧ ਕੀਤਾ ਹੋਇਆ ਹੈ। ਇਸੇ ਦੌਰਾਨ ਭਾਰਤ ਸਰਕਾਰ ਦੇ ਸੂਤਰਾਂ ਨੇ ਇਸ ਤਰ੍ਹਾਂ ਦੇ ਬਿਆਨਾਂ ਦਾ ਬੁਰਾ ਮਨਾਇਆ ਹੈ ਕਿ ਭਾਰਤ ਸਰਕਾਰ ਦਾ ਲਾਂਘੇ ਸਬੰਧੀ ਫੈਸਲਾ ਪਾਕਿਸਤਾਨ ਵੱਲੋਂ ਪੇਸ਼ ਕੀਤੀ ਤਜਵੀਜ਼ ਬਾਅਦ ਆਇਆ ਹੈ। ਸੂਤਰਾਂ ਅਨੁਸਾਰ ਭਾਰਤ ਨੇ ਵੀਹ ਸਾਲ ਪਹਿਲਾਂ ਪਾਕਿਸਤਾਨ ਅੱਗੇ ਤਜਵੀਜ਼ ਪੇਸ਼ ਕੀਤੀ ਸੀ ਅਤੇ ਪਾਕਿਸਤਾਨ ਨੇ ਕੋਈ ਹੁੰਗਾਰਾ ਨਹੀਂ ਭਰਿਆ ਸੀ।
ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ ਅਤੇ ਇਸ ਫ਼ੈਸਲੇ ਸਬੰਧੀ ਭਾਰਤ ਨੂੰ ਸੁਨੇਹਾ ਦੇ ਦਿੱਤਾ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੱਲੋਂ ਕੀਤੇ ਇਸ ਐਲਾਨ ਨਾਲ ਦੋਵੇਂ ਮੁਲਕਾਂ ਵਿਚਕਾਰ ਤਣਾਅ ਘਟਾਉਣ ‘ਚ ਸਹਾਇਤਾ ਮਿਲ ਸਕਦੀ ਹੈ। ਕੁਰੈਸ਼ੀ ਨੇ ਟਵੀਟ ਕਰਕੇ ਦੱਸਿਆ,”ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ‘ਚ ਵਿਕਾਸ ਕਾਰਜਾਂ ਦਾ 28 ਨਵੰਬਰ ਨੂੰ ਨੀਂਹ ਪੱਥਰ ਰੱਖਣਗੇ। ਅਸੀਂ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ਸਿੱਖ ਸੰਗਤ ਦਾ ਸਵਾਗਤ ਕਰਾਂਗੇ।” ਭਾਰਤ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਵਾਸਤੇ ਲਾਂਘਾ ਬਣਾਉਣ ਦੀ ਪਾਕਿਸਤਾਨ ਨੂੰ ਬੇਨਤੀ ਕਰਨ ਦੇ ਕੁਝ ਘੰਟਿਆਂ ਮਗਰੋਂ ਕੁਰੈਸ਼ੀ ਦਾ ਇਹ ਬਿਆਨ ਆਇਆ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਭਾਰਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸ਼ਾਂਤੀ ਦੀ ਜਿੱਤ ਕਰਾਰ ਦਿੱਤਾ। ਦਿੱਲੀ ‘ਚ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਕਿਸਤਾਨੀ ਸਰਕਾਰ ਕੋਲ ਪਹੁੰਚ ਕੀਤੀ ਹੈ। ਇਸ ਦੇ ਜਵਾਬ ‘ਚ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਹਿਲਾਂ ਵੀ ਕਰਤਾਰਪੁਰ ਸਾਹਿਬ ਸਮੇਤ ਸਾਰੇ ਮੁੱਦਿਆਂ ‘ਤੇ ਵਾਰਤਾ ਦੀ ਤਜਵੀਜ਼ ਦਿੱਤੀ ਸੀ ਪਰ ਭਾਰਤ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ 26 ਨਵੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕਸਬੇ ਵਿਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਇਸ ਕਸਬੇ ਤੋਂ ਕਰਤਾਰਪੁਰ ਤਕ ਦਾ ਫਾਸਲਾ ਤਕਰੀਬਨ ਚਾਰ ਕਿਲੋਮੀਟਰ ਦਾ ਹੈ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਰਹਿਣਗੇ। ਸਮਾਗਮ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਤਿਆਰੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ।