ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਬਾਰੇ ਅਮਰੀਕਾ ਦਾ ਸਖਤ ਰੁਖ
ਪਿਛਲੇ ਸਾਲ ਦੇ ਅੰਤ ਵਿਚ ਅਮਰੀਕਾ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਇਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਹ ਅਮਰੀਕੀ ਨਾਗਰਿਕ ਖਾਲਿਸਤਾਨੀ ਅੱਤਵਾਦੀ ਗੁਰਤਪਤਵੰਤ ਸਿੰਘ ਪੰਨੂ ਸੀ।
ਅਮਰੀਕੀ ਅਧਿਕਾਰੀਆਂ ਨੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿਚ ਭਾਰਤੀ ਅਧਿਕਾਰੀਆਂ 'ਤੇ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਇਹ ਮਾਮਲਾ ਭਾਰਤ ਕੋਲ ਵੀ ਉਠਾਇਆ ਗਿਆ ਸੀ। ਭਾਰਤ ਸਰਕਾਰ ਨੇ ਇਸ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਸੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਉਸ ਸਮੇਂ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ, "ਭਾਰਤ ਅਜਿਹੇ ਇਨਪੁਟ ਨੂੰ ਗੰਭੀਰਤਾ ਨਾਲ ਲੈਂਦਾ ਹੈ ਕਿਉਂਕਿ ਇਹ ਸਾਡੇ ਆਪਣੇ ਰਾਸ਼ਟਰੀ ਸੁਰੱਖਿਆ ਹਿੱਤਾਂ 'ਤੇ ਵੀ ਪ੍ਰਭਾਵ ਪਾਉਂਦਾ ਹੈ। ਅਮਰੀਕਾ ਦੇ ਇਨਪੁਟ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਦੁਆਰਾ ਪਹਿਲਾਂ ਹੀ ਜਾਂਚ ਕੀਤੀ ਜਾ ਰਹੀ ਹੈ।"
ਅਮਰੀਕੀ ਮੀਡੀਆ ਰਿਪੋਰਟਾਂ ਵਿੱਚ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਾਰਤੀ ਅਧਿਕਾਰੀ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਲਈ ਇੱਕ ਏਜੰਟ ਨਾਲ ਸੰਪਰਕ ਕੀਤਾ ਸੀ। ਪੰਨੂ ਦੇ ਕਤਲ ਦੀ ਜ਼ਿੰਮੇਵਾਰੀ ਇਸ ਏਜੰਟ ਨੂੰ ਦਿੱਤੀ ਗਈ ਸੀ। ਅਮਰੀਕੀ ਮੀਡੀਆ ਵਿੱਚ ਕਿਹਾ ਗਿਆ ਸੀ ਕਿ ਪੰਨੂ ਨੂੰ ਮਾਰਨ ਲਈ ਭਾਰਤੀ ਅਧਿਕਾਰੀ ਜਿਸ ਨਾਲ ਸੰਪਰਕ ਕਰ ਰਹੇ ਸਨ, ਉਹ ਅਸਲ ਵਿੱਚ ਇੱਕ ਅਮਰੀਕੀ ਏਜੰਟ ਸੀ। ਭਾਰਤੀ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਨਹੀਂ ਸੀ ਅਤੇ ਇਸ ਤਰ੍ਹਾਂ ਪੰਨੂ ਦੇ ਕਤਲ ਤੋਂ ਪਹਿਲਾਂ ਹੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ ਸੀ।
ਗੁਰਪਤਵੰਤ ਸਿੰਘ ਪੰਨੂ ਕੌਣ ਹੈ
ਪੇਸ਼ੇ ਤੋਂ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਪਰਿਵਾਰ ਦੇ ਵੱਡ-ਵਡੇਰੇ ਪਹਿਲਾਂ ਪੱਟੀ ਦੇ ਪਿੰਡ ਨੱਥੂਚੱਕ ਵਿੱਚ ਰਹਿੰਦੇ ਸਨ ਅਤੇ ਬਾਅਦ ਵਿੱਚ ਉਹ ਅੰਮ੍ਰਿਤਸਰ ਨੇੜੇ ਪੈਂਦੇ ਪਿੰਡ ਖਾਨਕੋਟ ਵਿਖੇ ਜਾ ਵਸੇ ਸਨ।ਪੰਨੂ ਦਾ ਇੱਕ ਭਰਾ ਤੇ ਇੱਕ ਭੈਣ ਹਨ। ਉਨ੍ਹਾਂ ਦੀ ਸਾਰੀ ਪੜ੍ਹਾਈ ਭਾਰਤ ਵਿੱਚ ਹੀ, ਲੁਧਿਆਣਾ ਅਤੇ ਚੰਡੀਗੜ੍ਹ ਤੋਂ ਹੋਈ ਹੈ। ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਭਾਰਤ ਵਿੱਚ ਹੀ ਕੀਤੀ ਹੈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਮਾਰਕੀਟਿੰਗ ਬੋਰਡ ਦੇ ਸਕੱਤਰ ਸਨ।1990ਵਿਆਂ ਵਿੱਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸਮੇਂ ਤੋਂ ਹੀ ਉਹ ਸਟੂਡੈਂਟ ਐਕਟੀਵਿਸਟ ਬਣ ਗਏ ਸਨ ਅਤੇ ਸਟੂਡੈਂਟ ਪੌਲੀਟਿਕਸ ਵਿੱਚ ਐਕਟਿਵ ਹੋ ਗਏ ਸਨ।ਨੱਬੇ ਦੇ ਦਹਾਕੇ ਵਿੱਚ ਪੰਨੂ ਉੱਤੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਸ਼ਹਿਰਾਂ ਵਿੱਚ ਸਥਿਤ ਥਾਣਿਆਂ ਵਿੱਚ ਇਰਾਦਤਨ ਕਤਲ ਅਤੇ ਕਤਲ ਕਰਨ ਦੇ ਕੇਸ ਦਰਜ ਕੀਤੇ ਗਏ।ਸੂਤਰਾਂ ਮੁਤਾਬਕ ਗੁਰਪਤਵੰਤ ਪੰਨੂ ਦੇ ਉੱਪਰ ਕਈ ਕੇਸ ਦਰਜ ਹੋਏ ਸਨ, ਜਿਨ੍ਹਾਂ ਵਿੱਚ ਟਾਡਾ (ਟੈਰਰਿਸਟ ਐਂਡ ਡਿਸਰਪਟਿਵ ਐਕਟਿਵਿਟੀਜ਼) ਵੀ ਸ਼ਾਮਿਲ ਹੈ।ਪਿਛਲੇ ਸਾਲ ਐੱਨਆਈਏ ਨੇ ਸਿਖਸ ਫਾਰ ਜਸਟਿਸ ਆਗੂ ਗੁਰਪਤਵੰਤ ਪੰਨੂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਸਨ।ਅੰਮ੍ਰਿਤਸਰ ਦੇ ਖਾਨਕੋਟ ਵਿੱਚ 5.7 ਏਕੜ ਖੇਤੀ ਜ਼ਮੀਨ ਤੇ ਚੰਡੀਗੜ੍ਹ ਦੇ ਸੈਕਟਰ 15-ਸੀ ਦੀ ਕੋਠੀ ਵਿੱਚ ਪੰਨੂ ਦੇ ਇੱਕ ਚੌਥਾਈ ਹਿੱਸੇ ਨੂੰ ਜ਼ਬਤ ਕੀਤਾ ਗਿਆ ਸੀ।ਐੱਨਆਈਏ ਦੀ ਇਹ ਕਾਰਵਾਈ ਯੂਏਪੀਏ ਕੇਸਾਂ ਤਹਿਤ ਹੋਈ ਸੀ।
ਪੰਨੂ ਦਾ ਕਹਿਣਾ ਹੈ ਕਿ ਉਨ੍ਹਾਂ ਉੱਪਰ ਪੁਲਿਸ ਨੇ ਝੂਠੇ ਮੁਕੱਦਮੇ ਦਾਇਰ ਕੀਤੇ ਸਨ।ਉਸ ਵੇਲੇ ਦੀ ਨਰਸਿਮ੍ਹਾ ਰਾਓ ਦੀ ਸਰਕਾਰ ਵਿਚ ਉਨ੍ਹਾਂ ਦੇ ਪਰਿਵਾਰ ਦੇ ਰਸੂਖ਼ ਵਾਲੇ ਲੋਕਾਂ ਨੇ ਜ਼ੋਰ ਲਗਾ ਕੇ ਪੰਨੂ ਨੂੰ ਕਈ ਕੇਸਾਂ ਵਿੱਚੋਂ ਕਢਵਾ ਲਿਆ ਸੀ।ਇਸ ਤੋਂ ਬਾਅਦ, 1991-92 ਵਿੱਚ ਪੰਨੂ ਅਮਰੀਕਾ ਚਲੇ ਗਏ। ਉੱਥੇ ਜਾ ਕੇ ਉਨ੍ਹਾਂ ਨੇ ਕਨੈਕਟੀਕਟ ਯੂਨੀਵਰਸਿਟੀ ਵਿੱਚ ਦਾਖ਼ਲਾ ਲੈ ਲਿਆ, ਜਿੱਥੇ ਪੰਨੂ ਨੇ ਐੱਮਬੀਏ ਫਾਇਨਾਂਸ ਅਤੇ ਨਿਊਯਾਰਕ ਯੂਨੀਵਰਸਿਟੀ ਵਿੱਚ ਮਾਸਟਰਜ਼ ਆਫ਼ ਲਾਅ ਦੀ ਡਿਗਰੀ ਹਾਸਿਲ ਕੀਤੀ।ਅਮਰੀਕਾ ਵਿੱਚ ਉਚੇਰੀ ਸਿੱਖਿਆ ਲੈਣ ਤੋਂ ਬਾਅਦ ਪੰਨੂ ਨੇ ਨਿਊਯਾਰਕ ਸਥਿਤ ਵਾਲ ਸਟਰੀਟ ਵਿੱਚ ਸਿਸਟਮ ਐਨੇਲਿਸਟ ਵਜੋਂ 2014 ਤੱਕ ਕੰਮ ਕੀਤਾ। ਉਹ ਅਮਰੀਕਾ ਜਾ ਕੇ ਵੀ ਸਿਆਸੀ ਤੌਰ 'ਤੇ ਸਰਗਰਮ ਰਹੇ।ਪੰਨੂ ਇੱਕ ਡਿਫੈਂਸ ਵਕੀਲ ਹਨ ਅਤੇ ਉਨ੍ਹਾਂ ਨੇ ਸਾਲ 2007 ਵਿੱਚ ਹੀ ਸਿਖਸ ਫਾਰ ਜਸਟਿਸ ਦੀ ਸਥਾਪਨਾ ਕੀਤੀ ਸੀ।
ਸਿਖਸ ਫਾਰ ਜਸਟਿਸ ਦਾ ਰਜਿਸਟਰਡ ਦਫ਼ਤਰ ਵਾਸ਼ਿੰਗਟਨ ਵਿੱਚ ਹੈ ਅਤੇ ਪੰਨੂ ਦਾ ਦਫ਼ਤਰ ਨਿਊਯਾਰਕ ਵਿੱਚ ਹੈ, ਜਿੱਥੇ ਉਹ ਆਪਣੀ ਲਾਅ ਫਰਮ ਚਲਾਉਂਦੇ ਹਨ।












Comments (0)