ਮਾਮਲਾ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ

ਮਾਮਲਾ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ

ਕੇਂਦਰ  ਦਾ ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ 4 ਹਫ਼ਤਿਆਂ ਲਈ ਕੀਤੀ ਮੁਲਤਵੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ-ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ  ਮੁਲਤਵੀ ਹੋ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਬੀਤੇ ਦਿਨੀਂ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫ਼ੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀ.ਆਰ. ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਅੱਗੇ ਪੇਸ਼ ਹੋਏ । ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਫ਼ੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀ.ਬੀ.ਆਈ. ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫ਼ਿਲਹਾਲ ਕੋਈ ਫ਼ੈਸਲਾ ਲੈਣ ਦੇ ਅਨੁਕੂਲ ਨਹੀਂ ਹੈ । ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ ।

ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫ਼ੈਸਲਾ ਲੈਣ ਲਈ ਸਮਾਂ ਮੰਗਿਆ ਹੈ ¢ ਦੱਸਣਯੋਗ ਹੈ ਕਿ ਬੀਤੀ 18 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਪਹਿਲਾਂ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਹਦਾਇਤ ਕੀਤੀ ਸੀ ਕਿ ਇਹ ਮਾਮਲਾ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਗੇ ਵਿਚਾਰ ਲਈ ਪੇਸ਼ ਕੀਤਾ ਜਾਵੇ ਅਤੇ ਨਾਲ ਹੀ ਬੈਂਚ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਸੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਪਟੀਸ਼ਨ 'ਤੇ ਵਿਚਾਰ ਕਰਨ, ਪਰ ਬਾਅਦ ਵਿਚ ਦੁਪਹਿਰ ਬਾਅਦ ਬੈਂਚ ਨੇ ਆਪਣੇ ਹੀ ਹੁਕਮਾਂ 'ਤੇ ਰੋਕ ਲਗਾ ਦਿੱਤੀ ਸੀ, ਕਿਉਂਕਿ ਸਾਲਿਸਟਰ ਜਨਰਲ (ਐਸ.ਜੀ.) ਤੁਸ਼ਾਰ ਮਹਿਤਾ ਨੇ ਅਦਾਲਤ ਅੱਗੇ ਪੇਸ਼ ਹੋ ਕੇ ਬੇਨਤੀ ਕੀਤੀ ਕਿ ਇਸ ਮਾਮਲੇ ਵਿਚ 'ਕਈ ਸੰਵੇਦਨਸ਼ੀਲਤਾਵਾਂ ਸ਼ਾਮਿਲ' ਹਨ ਤੇ ਇਸ ਕਾਰਨ ਇਸ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ ਜਾਵੇ ।ਬੈਂਚ ਨੇ ਸਾਲਿਸਟਰ ਜਨਰਲ ਦੀ ਬੇਨਤੀ ਪ੍ਰਵਾਨ ਕਰਦੇ ਹੋਏ ਮਾਮਲੇ ਦੀ ਸੁਣਵਾਈ 25 ਨਵੰਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਸੀ, ਪਰ ਹੁਣ ਇਸ ਮਾਮਲੇ ਦੀ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ।