ਵਿਦੇਸ਼ੀ ਸੈਰ 'ਤੇ ਘੁੰਮ ਰਹੇ ਪੰਜਾਬ ਦੇ ਮੁੱਖ ਮੰਤਰੀ ਨੇ ਚਾਂਗਲੀਵਾਲ ਕਤਲ ਕਾਂਡ 'ਤੇ ਦਿੱਤਾ ਬਿਆਨ

ਵਿਦੇਸ਼ੀ ਸੈਰ 'ਤੇ ਘੁੰਮ ਰਹੇ ਪੰਜਾਬ ਦੇ ਮੁੱਖ ਮੰਤਰੀ ਨੇ ਚਾਂਗਲੀਵਾਲ ਕਤਲ ਕਾਂਡ 'ਤੇ ਦਿੱਤਾ ਬਿਆਨ
ਮਿਰਤਕ ਜਗਮੇਲ ਸਿੰਘ

ਚੰਡੀਗੜ੍ਹ: ਵਿਦੇਸ਼ ਦੀ ਸੈਰ 'ਤੇ ਗਏ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਪਾਈਆਂ ਲਾਹਨਤਾਂ ਮਗਰੋਂ ਬੀਤੀ ਸ਼ਾਮ ਚਾਂਗਲੀਵਾਲ ਮਾਮਲੇ 'ਚ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਲਈ ਬਿਆਨ ਜਾਰੀ ਕੀਤਾ ਹੈ। ਜਾਰੀ ਬਿਆਨ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਹੁਕਮ ਦਿੱਤੇ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਚਾਂਗਲੀਵਾਲ ਦੇ ਦਲਿਤ ਵਿਅਕਤੀ ਜਗਮੇਲ ਸਿੰਘ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਮਾਰਕੁੱਟ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਮਾਂਬੱਧ ਜਾਂਚ ਅਤੇ ਅਦਾਲਤੀ ਕਾਰਵਾਈ ਨੂੰ ਤੇਜ਼ੀ ਨਾਲ ਯਕੀਨੀ ਬਣਾਇਆ ਜਾਵੇ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਸਾਰੇ ਚਾਰ ਮੁਲਜ਼ਮਾਂ ਨੂੰ ਗਿਰਫਤਾਰ ਕਰ ਲਿਆ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਜੋ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਪਾਸੋਂ ਕੇਸ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ ਅਤੇ ਜਗਮੇਲ ਸਿੰਘ ਦੀ ਮੰਦਭਾਗੀ ਮੌਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਦੋਵਾਂ ਸੀਨੀਅਰ ਅਫਸਰਾਂ ਨੂੰ ਹੁਕਮ ਦਿੱਤੇ ਹਨ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਵਿੱਚ ਮਿਸਾਲੀ ਤੇ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਮਿਰਤਕ ਜਗਮੇਲ ਸਿੰਘ ਦੇ ਪਰਿਵਾਰ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਏਗੀ। ਉਨਾਂ ਨੇ ਸਮੂਹ ਰਾਜਨੀਤਿਕ ਲੀਡਰਾਂ ਨੂੰ ਵੀ ਇਸ ਮੁੱਦੇ ਨੂੰ ਸਿਆਸੀ ਰੰਗਤ ਨਾ ਦੇਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਮਾਨਵਤਾਵਾਦੀ ਮੁੱਦਾ ਅਤੇ ਗੰਭੀਰ ਅਪਰਾਧ ਹੈ ਜਿਸ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਸਿਆਸੀ ਪਾਰਟੀ ਜਾਂ ਲੀਡਰ ਨੂੰ ਇਸ ਦਰਦਨਾਕ ਘਟਨਾ ਤੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦਲਿਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਨਾਂ ਵਿਰੁੱਧ ਅੱਤਿਆਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਮੁਲਜ਼ਮਾਂ ਵਿਰੁੱਧ ਲਹਿਰਾ ਪੁਲੀਸ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾ ਚੁੱਕਾ ਹੈ। ਦੋਸ਼ੀਆਂ ਵਿਰੁੱਧ ਅਗਵਾ, ਗਲਤ ਢੰਗ ਨਾਲ ਹਿਰਾਸਤ ’ਚ ਰੱਖਣ ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਣ) ਐਕਟ ਦੀਆਂ ਧਾਰਾਵਾਂ ਹੇਠ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁਲਜ਼ਮਾਂ ਵੱਲੋਂ ਜਗਮੇਲ ਸਿੰਘ ’ਤੇ ਤਸ਼ੱਦਦ ਢਾਹੁਣ ਅਤੇ ਗਲੀ ਵਿੱਚ ਸੁੱਟ ਦੇਣ ਦੀਆਂ ਰਿਪੋਰਟਾਂ ਸਬੰਧੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ। ਵੱਖ-ਵੱਖ ਤਿੰਨ ਹਸਪਤਾਲਾਂ ਵਿਖੇ ਮੁਢਲੇ ਇਲਾਜ ਤੋਂ ਬਾਅਦ ਉਸ ਨੂੰ ਇਲਾਜ ਲਈ ਪੀ.ਜੀ.ਆਈ., ਚੰਡੀਗੜ ਵਿਖੇ ਰੈਫਰ ਕੀਤਾ ਗਿਆ ਜਿੱਥੇ ਉਸ ਦੀਆਂ ਦੋਵਾੇਂ ਲੱਤਾਂ ਕੱਟਣੀਆਂ ਪਈਆਂ ਸਨ ਪਰ ਉਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। 

ਪੰਜਾਬ ਸਰਕਾਰ ਐਸ. ਸੀ./ ਐਸ.ਟੀ. ਐਕਟ ਤਹਿਤ ਪੀੜਤ ਪਰਿਵਾਰ ਨੂੰ ਦੇਵੇਗੀ ਮੁਆਵਜਾ
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਬੀਤੀ ਸ਼ਾਮ ਪੀ ਜੀ ਆਈ ਚੰਡੀਗੜ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਧਰਮਸੋਤ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਹਰ ਸੰਭਵ ਮਦਦ ਦੇਣ ਦਾ ਵਿਸਵਾਸ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਐਸ.ਸੀ/ਐਸ.ਟੀ ਐਕਟ ਤਹਿਤ ਪੀੜਤ ਪਰਿਵਾਰ ਨੂੰ 8.15 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਪਰਿਵਾਰਕ ਮੈਂਬਰ ਨੂੰ 5 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ। ਧਰਮਸੋਤ ਨੇ ਆਖਿਆ ਕਿ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਜਲਦੀ ਹੀ ਢੁਕਵੇਂ ਕਦਮ ਚੁੱਕੇ ਜਾਣਗੇ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।