ਦਿੱਲੀ ਚੋਣ ਨਤੀਜੇ: 'ਆਪ' ਮੁਖੀ ਕੇਜਰੀਵਾਲ ਮੰਨੀ ਹਾਰ, ਭਾਜਪਾ ਨੂੰ ਦਿੱਤੀ ਵਧਾਈ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ : 8 ਫਰਵਰੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਮੰਨ ਲਈ ਅਤੇ ਭਾਜਪਾ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ।

ਇੱਕ ਵੀਡੀਓ ਸੰਦੇਸ਼ ਵਿੱਚ ਸਾਬਕਾ ਮੁੱਖ ਮੰਤਰੀ ਨੇ ਕਿਹਾ, "ਮੈਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਭਾਜਪਾ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਭਾਜਪਾ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ, ਜਿਨ੍ਹਾਂ ਲਈ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ"।

ਕੇਜਰੀਵਾਲ ਨੇ ਕਿਹਾ ਕਿ ਪਿਛਲੇ 10 ਸਾਲਾਂ 'ਚ 'ਆਪ' ਸਰਕਾਰ ਨੇ ਸਿੱਖਿਆ, ਸਿਹਤ, ਪਾਣੀ, ਬਿਜਲੀ ਅਤੇ ਹੋਰ ਕਈ ਖੇਤਰਾਂ 'ਚ ਬਹੁਤ ਕੰਮ ਕੀਤੇ ਹਨ। ਉਨਹਾਂ ਕਿਹਾ, "ਸਾਡੇ ਕਾਰਜਕਾਲ ਦੌਰਾਨ ਅਸੀਂ ਬੁਨਿਆਦੀ ਢਾਂਚਾ ਬਣਾਉਣ ਦੀ ਕੋਸ਼ਿਸ਼ ਵੀ ਕੀਤੀ। ਹੁਣ ਜਦੋਂ ਦਿੱਲੀ ਦੇ ਲੋਕਾਂ ਨੇ ਸਾਨੂੰ ਫਤਵਾ ਦਿੱਤਾ ਹੈ ਤਾਂ ਅਸੀਂ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ ਅਤੇ ਦਿੱਲੀ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਾਂਗੇ।"

ਉਨ੍ਹਾਂ ਕਿਹਾ ਕਿ ਉਹ "ਸੱਤਾ ਲਈ ਰਾਜਨੀਤੀ ਵਿੱਚ ਨਹੀਂ ਆਏ" ਬਲਕਿ ਰਾਜਨੀਤੀ ਨੂੰ ਇੱਕ ਮਾਧਿਅਮ ਸਮਝਦੇ ਹਨ, ਜਿਸ ਰਾਹੀਂ ਉਹ ਸਮਾਜਿਕ ਕੰਮ ਕਰ ਸਕਦੇ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰ ਸਕਦੇ ਹਨ।