ਦਿੱਲੀ ਗੁਰਦੁਆਰਾ ਕਮੇਟੀ ਮਨੁੱਖਤਾ ਦੀ ਸੇਵਾ ਲਈ ਉਦਾਹਰਣ ਵਜੋਂ ਕਰ ਰਹੀ ਹੈ ਕੰਮ: ਅਸ਼ੀਸ਼ ਸੂਦ

ਦਿੱਲੀ ਗੁਰਦੁਆਰਾ ਕਮੇਟੀ ਮਨੁੱਖਤਾ ਦੀ ਸੇਵਾ ਲਈ ਉਦਾਹਰਣ ਵਜੋਂ ਕਰ ਰਹੀ ਹੈ ਕੰਮ: ਅਸ਼ੀਸ਼ ਸੂਦ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 16 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕੈਰੀਅਰ ਗਾਈਡੈਂਸ ਅਤੇ ਕੌਂਸਲਿੰਗ ਫੇਅਰ ਦਾ ਆਯੋਜਨ ਕੀਤਾ ਗਿਆ ਜਿਸਦਾ ਉਦਘਾਟਨ ਕੈਬਨਿਟ ਮੰਤਰੀਆਂ ਸ੍ਰੀ ਆਸ਼ੀਸ਼ ਸੂਦ ਅਤੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਕੀਤਾ। ਇਸ ਕੈਂਪ ਵਿਚ ਹਜ਼ਾਰਾਂ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਜਿਹਨਾਂ ਨੇ ਆਰਮੀ, ਏਅਰਫੋਰਸ, ਡੀ ਆਰ ਡੀ ਓ, ਸਿਵਲ ਐਵੀਏਸ਼ਨ, ਇੰਜੀਨੀਅਰਿੰਗ ਸਮੇਤ ਅਨੇਕਾਂ ਹੋਰ ਵਿਭਾਗਾਂ ਤੇ ਕਾਲਜਾਂ ਵੱਲੋਂ ਲਗਾਏ ਸਟਾਲਾਂ ਦਾ ਲਾਭ ਲਿਆ।
ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਆਸ਼ੀਸ਼ ਸੂਦ ਨੇ ਕਿਹਾ ਕਿ ਕਮੇਟੀ ਮਨੁੱਖਤਾ ਦੀ ਸੇਵਾ ਵਾਸਤੇ ਉਦਾਹਰਣ ਵਜੋਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਕੈਰੀਅਰ ਗਾਈਡੈਂਸ ਫੇਅਰ ਦੀ ਇਸ ਪਹਿਲਕਦਮੀ ਨਾਲ ਕਮੇਟੀ ਨੇ ਨੌਜਵਾਨਾਂ ਨੂੰ ਆਪਣੀ ਮਨਮਰਜ਼ੀ ਦਾ ਪ੍ਰੋਫੈਸ਼ਨਲ ਕੈਰੀਅਰ ਚੁਣਨ ਵਾਸਤੇ ਮਾਰਗ ਦਰਸ਼ਕ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਹੋਰ ਸੰਸਥਾਵਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਮਾਰਗ ਦਰਸ਼ਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਮਨੁੱਖਤਾ ਦੀ ਵੱਡੀ ਸੇਵਾ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਵੇਂ ਕਮੇਟੀ ਦਾ ਮੁੱਖ ਕੰਮ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਵੇਖਣਾ ਹੈ ਪਰ ਇਸਨੇ ਵਿਦਿਅਕ ਅਦਾਰਿਆਂ ਦੀ ਸਥਾਪਨਾ, ਸਿਹਤ ਸੰਭਾਲ ਸਹੂਲਤਾਂ ਦੀ ਸਥਾਪਨਾ ਸਮੇਤ ਮਨੁੱਖਤਾ ਦੀ ਸੇਵਾ ਵਾਸਤੇ ਅਨੇਕਾਂ ਕਦਮ ਚੁੱਕੇ ਹਨ। ਉਹਨਾਂ ਕਿਹਾ ਕਿ ਇਹ ਦਿੱਲੀ ਗੁਰਦੁਆਰਾ ਕਮੇਟੀ ਦੀ ਵੱਡੀ ਪ੍ਰਾਪਤੀ ਹੈ ਕਿ ਇਹ ਨਾ ਸਿਰਫ ਲੋੜਵੰਦਾਂ ਨੂੰ ਮੁਫਤ ਸਿੱਖਿਆ ਦੇ ਰਹੀ ਹੈ ਬਲਕਿ ਲੋੜਵੰਦਾਂ ਨੂੰ ਬੇਹੱਦ ਸਸਤੀਆਂ ਮੈਡੀਕਲ ਸਹੂਲਤਾਂ ਦੇ ਰਹੀ ਹੈ। ਉਹਨਾਂ ਕਿਹਾ ਕਿ ਅੱਜ ਤੱਕ 90 ਹਜ਼ਾਰ ਲੋਕਾਂ ਦਾ ਮੁਫਤ ਡਾਇਲਸਿਸ ਹੋ ਚੁੱਕਾ ਹੈ ਤੇ ਸਸਤੀਆਂ ਦਰਾਂ ’ਤੇ ਐਮ ਆਰ ਆਈ/ਸੀ ਟੀ ਸਕੈਨ ਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਭਰੋਸਾ ਦੁਆਇਆ ਕਿ ਸ੍ਰੀਮਤੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਉਸਨੂੰ ਹਰ ਤਰੀਕੇ ਦਾ ਸਹਿਯੋਗ ਦੇਵੇਗੀ। ਇਕੱਠ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਦੇ ਕੈਰੀਅਰ ਗਾਈਡੈਂਸ ਤੇ ਕੌਂਸਲਿੰਗ ਫੇਅਰ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਪ੍ਰੋਫੈਸ਼ਨਲ ਕੈਰੀਅਰ ਚੁਣਨ ਵਾਸਤੇ ਲਾਭ ਮਿਲਿਆ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਸੰਵਾਰਨ ਵਾਸਤੇ ਹੀ ਅਜਿਹੀ ਪਹਿਲਕਦਮੀ ਕੀਤੀ ਗਈ ਹੈ। ਦਿੱਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਦਿੱਲੀ ਦੇ ਲੋਕ ਖੁਸ਼ ਹਨ ਕਿ ਲੋਕਾਂ ਦੀ ਬੇਹਤਰੀ ਵਾਸਤੇ ਕੰਮ ਕਰਨ ਵਾਲੀ ਸਰਕਾਰ ਦਿੱਲੀ ਵਿਚ ਸਥਾਪਿਤ ਹੋਈ ਹੈ ਅਤੇ ਲੋਕਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੇ ਵਾਅਦਿਆਂ ’ਤੇ ਭਰੋਸਾ ਕੀਤਾ ਹੈ। ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬੀ ਭਾਸ਼ਾ ਤੇ ਪੰਜਾਬੀ ਅਧਿਆਪਕਾਂ ਦਾ ਬੁਰਾ ਹਾਲ ਕਰ ਦਿੱਤਾ ਸੀ ਤੇ ਕੌਮੀ ਰਾਜਧਾਨੀ ਵਿਚੋਂ ਪੰਜਾਬੀ ਭਾਸ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਯਤਨ ਕੀਤੇ ਗਏ। ਉਹਨਾਂ ਆਸ ਪ੍ਰਗਟ ਕੀਤੀ ਕਿ ਹੁਣ ਨਵੀਂ ਸਰਕਾਰ ਵਿਚ ਪੰਜਾਬੀ ਭਾਸ਼ਾ ਤੇ ਇਸਦੇ ਅਧਿਆਪਕਾਂ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ। ਉਹਨਾਂ ਇਹ ਵੀ ਆਸ ਪ੍ਰਗਟ ਕੀਤੀ ਕਿ ਨਵੀਂ ਸਰਕਾਰ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਨੌਜਵਾਨਾਂ ਵਾਸਤੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਇਸ ਮੌਕੇ 10ਵੀਂ, 11ਵੀਂ ਤੇ 12ਵੀਂ ਕਲਾਸਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ। ਸਮਾਗਮ ਵਿਚ ਦਿੱਲੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ।