ਤਨਖਾਹੀਆ ਕਰਾਰ ਦਿੱਤੇ ਹਰਵਿੰਦਰ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਹੈਡ ਗ੍ਰੰਥੀ ਮੁਅੱਤਲ

ਤਨਖਾਹੀਆ ਕਰਾਰ ਦਿੱਤੇ ਹਰਵਿੰਦਰ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਹੈਡ ਗ੍ਰੰਥੀ ਮੁਅੱਤਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਤਨਖਾਹੀਆ ਦਿੱਤੇ ਗਏ ਸੀ ਕਰਾਰ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਅਕਾਲੀ ਦਲ ਬਾਦਲ ਦੇ ਆਗੂ ਹਰਵਿੰਦਰ ਸਿੰਘ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਹੈਡ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਬੋਲਣ ਵਾਲੇ ਹਰਵਿੰਦਰ ਸਿੰਘ ਸਰਨਾ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖਾਹੀਆ ਕਰਾਰ ਦਿੱਤਾ ਸੀ ਤੇ ਸਮੁੱਚੀ ਸਿੱਖ ਕੌਮ ਨੂੰ ਹਦਾਇਤ ਕੀਤੀ ਹੈ ਕਿ ਉਸ ਨਾਲ ਕਿਸੇ ਵੀ ਤਰੀਕੇ ਦੀ ਸਮਾਜਿਕ ਤੇ ਧਾਰਮਿਕ ਸਾਂਝ ਨਾ ਰੱਖੀ ਜਾਵੇ। ਉਹਨਾਂ ਦੱਸਿਆ ਕਿ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਇਕ ਸਮਾਜਿਕ ਸਮਾਗਮ ਸੀ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਨੇ ਤਨਖਾਹੀਆ ਕਰਾਰ ਦਿੱਤੇ ਸਰਨਾ ਨੂੰ ਸਟੇਜ ਦੇ ਦਿੱਤੀ ਅਤੇ ਉਸਨੇ ਸੰਗਤ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਸਪਸ਼ਟ ਤੌਰ ’ਤੇ ਉਲੰਘਣਾ ਹੈ। ਉਹਨਾਂ ਕਿਹਾ ਕਿ ਇਸ ਉਲੰਘਣਾ ਤੇ ਹੋਈ ਬਜ਼ਰ ਗਲਤੀ ਦਾ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਗਿਆਨੀ ਦਿਲਬਾਗ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਤੇ ਉਹਨਾਂ ਖਿਲਾਫ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਵਾਸਤੇ ਸਰਵਉੱਚ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਮੁੱਢਲਾ ਫਰਜ਼ ਹੈ। ਉਹਨਾਂ ਕਿਹਾ ਕਿ ਇਸ ਫਰਜ਼ ਵਿਚ ਕੁਤਾਹੀ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਨੇ ਕਮੇਟੀ ਦੇ ਸਮੁੱਚੇ ਸਟਾਫ ਨੂੰ ਵੀ ਆਖਿਆ ਕਿ ਉਹ ਇਹ ਹਮੇਸ਼ਾ ਚੇਤੇ ਰੱਖਣ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ।