ਬੇਲੋੜੇ ਮੁੱਦਿਆਂ ’ਤੇ ਆਪਸੀ ਟਕਰਾਅ ਛੱਡ ਕੇ ਇਕਜੁਟਤਾ ਨਾਲ ਸਿੱਖੀ ਦੇ ਦੁਸ਼ਮਣਾਂ ਦਾ ਮੁਕਾਬਲਾ ਕਰੇ ਸਿੱਖ ਕੌਮ: ਗਿਆਨੀ ਹਰਪ੍ਰੀਤ ਸਿੰਘ

ਬੇਲੋੜੇ ਮੁੱਦਿਆਂ ’ਤੇ ਆਪਸੀ ਟਕਰਾਅ ਛੱਡ ਕੇ ਇਕਜੁਟਤਾ ਨਾਲ ਸਿੱਖੀ ਦੇ ਦੁਸ਼ਮਣਾਂ ਦਾ ਮੁਕਾਬਲਾ ਕਰੇ ਸਿੱਖ ਕੌਮ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਹਾੜੇ ਮੌਕੇ ਸੱਚਖੰਡ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਬੇਲੋੜੇ ਮੁੱਦਿਆਂ ’ਤੇ ਆਪਸੀ ਟਕਰਾਅ ਤੇ ਭਰਾ ਮਾਰੂ ਜੰਗ ਛੱਡ ਕੇ ਇਕਜੁਟਤਾ ਨਾਲ ਸਿੱਖੀ ਦੇ ਦੁਸ਼ਮਣਾਂ ਦਾ ਮੁਕਾਬਲਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸੱਚਖੰਡ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਛੋੜ ਦਿਹਾੜੇ ਦੀ ਮੁਬਾਰਕਬਾਦ ਦਿੱਤੀ।

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਦੇਸ਼ ਵਿਚ ਸਮੁੱਚੀ ਕੌਮ ਨੂੰ ਬੰਦੀ ਛੋੜ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਵਰਤਮਾਨ ਸਮੇਂ ਅੰਦਰ ਗੁਰਬਾਣੀ ਦੀ ਸਿੱਖਿਆ ਮੁਤਾਬਕ ਮਿਲ ਬੈਠ ਕੇ ਸਿਰ ਜੋੜਨ ਅਤੇ ਆਪਾ ਪੜਚੋਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਥਕ ਸ਼ਕਤੀ ਨੂੰ ਖੇਰੂੰ-ਖੇਰੂੰ ਕਰਨ ਲਈ ਸਿੱਖ ਧਰਮ ਅੰਦਰ ਆਪਣੇ ਪ੍ਰਮੁੱਖ ਇਤਿਹਾਸਕ ਸਰੋਤਾਂ, ਸਿਧਾਂਤਾਂ ਅਤੇ ਰਹਿਤ ਮਰਯਾਦਾ ਸਬੰਧੀ ਵਿਵਾਦਾਂ ਨੂੰ ਤੂਲ ਦਿੱਤਾ ਜਾ ਰਿਹਾ ਹੈ। ਪੰਥਕ ਸੰਸਥਾਵਾਂ ਅਤੇ ਇਨ੍ਹਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਖਿਲਾਫ਼ ਵਰਤੀ ਜਾ ਰਹੀ ਸ਼ਬਦਾਵਲੀ ਕੌਮੀ ਸੰਸਥਾਵਾਂ ਦੀ ਤਬਾਹੀ ਦਾ ਅਧਾਰ ਬਣ ਰਹੀ ਹੈ। ਸਿੱਖਾਂ ਨੂੰ ਧਾਰਮਿਕ, ਸਮਾਜਿਕ, ਆਰਥਿਕ, ਰਾਜਨੀਤਕ ਅਤੇ ਖ਼ਾਸ ਤੌਰ ’ਤੇ ਨੌਜੁਆਨੀ ਨੂੰ ਬੌਧਿਕ ਤੌਰ ’ਤੇ ਕੰਗਾਲ ਬਣਾਉਣ ਦਾ ਕੋਝਾ ਯਤਨ ਹੋ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਭ ਪੰਥ ਵਿਰੋਧੀ ਤਾਕਤਾਂ ਦੀ ਸੋਚੀ ਸਮਝੀ ਗਹਿਰੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ।

ਉਨ੍ਹਾਂ ਖ਼ਾਲਸਾ ਪੰਥ ਦੀ ਵਿਰਾਸਤੀ ਭੂਮੀ ਉੱਪਰ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਨੂੰ ਮਧੋਲਣ ਦੇ ਯਤਨਾਂ ’ਤੇ ਵੀ ਤਿੱਖੇ ਸਵਾਲ ਕੀਤੇ। ਸਿੰਘ ਸਾਹਿਬ ਨੇ ਕਿਹਾ ਕਿ ਸਜ਼ਾ ਭੁਗਤਣ ਦੇ ਬਾਵਜੂਦ ਸਿੱਖ ਬੰਦੀਆਂ ਨੂੰ ਭਾਰਤੀ ਜ਼ੇਲ੍ਹਾਂ ਵਿੱਚੋਂ ਰਿਹਾਅ ਨਾ ਕਰਨਾ, ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ’ਤੇ ਗੁੱਝੇ ਹਮਲੇ, ਕੁਦਰਤੀ ਵਾਤਾਵਰਣ ਦਾ ਵਿਗਾੜ, ਖਾਲਸੇ ਦੇ ਨਿਆਰੇਪਣ ਨੂੰ ਗੰਧਲਾ ਕਰਨ ਦੇ ਮਨਸੂਬੇ, ਸ਼ਖ਼ਸੀ ਪੂਜਾ ਦਾ ਉਭਾਰ ਤੇ ਗੁਰੂਡੰਮ ਦਾ ਬੋਲਬਾਲਾ ਪੰਥ ਅੱਗੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਧਰਤੀ ਹੇਠਲੇ ਪਾਣੀ ਦਾ ਦੂਸ਼ਤ ਹੋਣਾ, ਜਰਖੇਜ ਧਰਤੀ ਦਾ ਬੰਜਰ ਹੋਣਾ, ਨਸ਼ੇ, ਕਿਸਾਨ ਖੁਦਕੁਸ਼ੀਆਂ, ਭਰੂਣ ਹੱਤਿਆ, ਨੌਜੁਆਨੀ ਦਾ ਪ੍ਰਵਾਸ ਆਦਿ ਵਿਸ਼ਿਆਂ ਨੂੰ ਵੀ ਛੋਹਿਆ। ਉਨ੍ਹਾਂ ਕਿਹਾ ਕਿ ਇਸ ਸਾਰੇ ਵਰਤਾਰੇ ਵਿਰੁੱਧ ਸਿੱਖਾਂ ਨੂੰ ਲਾਮਬੰਦ ਹੋਣਾ ਪਵੇਗਾ। ਜੇਕਰ ਸਮੂਹ ਖ਼ਾਲਸਾ ਪੰਥ ਆਪਣੀ ਕੁਦਰਤੀ ਅਤੇ ਇਤਿਹਾਸਕ ਵਿਰਾਸਤ ਵਾਲੀ ਰੂਹਾਨੀ ਜੀਵਨਧਾਰਾ ਨੂੰ ਬਚਾਉਣ ਲਈ ਇਕਜੁਟ ਨਾ ਹੋਇਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਵਾਲ ਕਰਨਗੀਆਂ। 

ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਸਵੈਮੰਥਨ ਕਰਨ ਦਾ ਸੁਨੇਹਾ ਦਿੱਤਾ ਅਤੇ ਗੁਰੂ ਨਾਨਕ ਪਾਤਸ਼ਾਹ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਅਸੀਂ ਆਪਣੇ ਧਾਰਮਿਕ, ਸਮਾਜਿਕ, ਰਾਜਨੀਤਕ ਵਖਰੇਵੇਂ ਛੱਡ ਕੇ ਇਕ ਮੰਚ ’ਤੇ ਇਕੱਤਰ ਹੋਈਏ ਅਤੇ ਗੁਰੂ ਨਾਨਕ ਪਾਤਸ਼ਾਹ ਦੀ ਬਾਣੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਤੋਂ ਸੇਧ ਲੈ ਕੇ ਅੱਗੇ ਵਧੀਏ।

ਜ਼ੁਲਮ ਦੇ ਸਤਾਏ ਲੋਕਾਂ ਦੇ ਹੱਕ ਵਿਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ ਬੰਦੀ ਛੋੜ ਦਿਵਸ: ਭਾਈ ਲੌਂਗੋਵਾਲ
ਬੰਦੀ ਛੋੜ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਗਵਾਲੀਅਰ ਦੀ ਕੈਦ ਵਿੱਚੋਂ ਛੁਡਾਏ 52 ਰਾਜਿਆਂ ਦਾ ਇਤਿਹਾਸ ਸੰਭਾਲੀ ਬੈਠਾ ਇਹ ਦਿਹਾੜਾ ਸਾਨੂੰ ਸੱਚ ਦੀ ਅਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਨੇ ਲੋਕਾਈ ਨੂੰ ਇਕ ਨਵੀਂ ਰੋਸ਼ਨੀ, ਨਵੇਂ ਜਜ਼ਬੇ ਅਤੇ ਨਵੇਂ ਜੋਸ਼ ਦੇ ਰੂਬਰੂ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਕ੍ਰਾਂਤੀ ਦਾ ਮੁੱਢ ਬੰਨਣ ਵਾਲੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਹੋਏ ਮਾਰਗ ਨੂੰ ਅਪਨਾਉਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਸੱਚਖੰਡ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਹਾੜੇ ਦੀ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਿੰਦਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਸ਼ਾਨ ਸਿੰਘ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਬਚਨ ਸਿੰਘ ਲੇਹਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਦਰਸ਼ਨ ਸਿੰਘ ਲੌਂਗੋਵਾਲ, ਮੈਨੇਜਰ ਸ. ਮੁਖਤਾਰ ਸਿੰਘ ਤੇ ਸ. ਮਨਜਿੰਦਰ ਸਿੰਘ ਮੰਡ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ ਆਦਿ ਮੌਜੂਦ ਸਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।