ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ  ਐਫਆਈਆਰਜ਼ ਦੇ ਮੰਗੇ ਵੇਰਵੇ

ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ  ਐਫਆਈਆਰਜ਼ ਦੇ ਮੰਗੇ ਵੇਰਵੇ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਦੇ ਪੂਰੇ ਵੇਰਵੇ ਮੰਗੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਰਾਸ਼ਟਰੀ ਸੁਰੱਖਿਆ ਐਕਟ  ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

 ਹਾਈ ਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ (ਡੀਐਮਜ਼) ਨੂੰ ਇਸ ਸਬੰਧ ਵਿੱਚ 17 ਫਰਵਰੀ ਤੱਕ ਪੂਰੀ ਜਾਣਕਾਰੀ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵਿਰੁੱਧ ਦਰਜ ਮਾਮਲਿਆਂ ਦੀ ਪਾਰਦਰਸ਼ਤਾ ਨਾਲ ਸਬੰਧਤ ਹੈ। ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ, ਪ੍ਰਸ਼ਾਸਨ ਨੂੰ ਹੁਣ ਤੱਕ ਦੀਆਂ ਸਾਰੀਆਂ ਐਫਆਈਆਰਜ਼ ਅਤੇ ਹੋਰ ਸਬੰਧਤ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕਰਨੇ ਪੈਣਗੇ।

ਅੰਮ੍ਰਿਤਪਾਲ ਨੂੰ ਅਪ੍ਰੈਲ 2023 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਅਪ੍ਰੈਲ 2023 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ, ਉਸਨੂੰ ਅਤੇ ਉਸਦੇ ਕੁਝ ਸਾਥੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ  ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਕਈ ਸੰਗਠਨਾਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ।

ਯੂਏਪੀਏ ਤਹਿਤ ਮਾਮਲਾ ਦਰਜ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ‘ਤੇ ਵੀ ਯੂਏਪੀਏ (ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਇਹ ਕਾਰਵਾਈ ਸੰਪਰਦਾਇਕ ਸੰਗਠਨਾਂ ਨਾਲ ਜੁੜੇ ਨੌਜਵਾਨ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲ ਦੇ ਮਾਮਲੇ ਵਿੱਚ ਕੀਤੀ ਗਈ ਹੈ।ਦਰਅਸਲ, ਡੀਜੀਪੀ ਗੌਰਵ ਯਾਦਵ ਨੇ ਗੁਰਪ੍ਰੀਤ ਦੇ ਕਤਲ ਤੋਂ ਬਾਅਦ ਇੱਕ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ ਜੋ ਕਤਲ ਦੀ ਸਾਜ਼ਿਸ਼ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ।ਉਨ੍ਹਾਂ ਕਿਹਾ ਸੀ ਕਿ ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਮੁਤਾਬਕ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ।

ਐਸਆਈਟੀ ਨੇ ਫਰੀਦਕੋਟ ਅਦਾਲਤ ਨੂੰ ਇਸ ਮਾਮਲੇ ਵਿੱਚ ਯੂਏਪੀਏ ਜੋੜਨ ਬਾਰੇ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਸੀ। ਪੰਥਕ ਸੰਗਠਨਾਂ ਅਤੇ ਵਾਰਿਸ ਪੰਜਾਬ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਬਾਈਕ ਸਵਾਰਾਂ  ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ, ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸੰਸਥਾ ਦਾ ਚਾਰਜ ਸੰਭਾਲਿਆ, ਜਿਸ ਤੋਂ ਬਾਅਦ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀਨੌ ਨੇ ਸੰਸਥਾ ਛੱਡ ਦਿੱਤੀ ਸੀ।36 ਸਾਲ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਿਤਾ ਹਾਕਮ ਸਿੰਘ ਛੋਟੇ ਕਿਸਾਨ ਹਨ। ਉਨ੍ਹਾਂ ਕੋਲ 2 ਕਿੱਲੇ ਜ਼ਮੀਨ ਹੈ ਜਿਥੇ ਉਹ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਗੁਜਾਰਾ ਕਰਦੇ ਹਨ।ਗੁਰਪ੍ਰੀਤ ਸਿੰਘ ਦੀ ਮਾਤਾ ਰਵਿੰਦਰ ਕੌਰ ਘਰੇਲੂ ਸੁਆਣੀ ਹੈ। ਪਰਿਵਾਰ ਵਿੱਚ ਗੁਰਪ੍ਰੀਤ ਤੋਂ ਇਲਾਵਾ ਉਨ੍ਹਾਂ ਦੀ ਛੋਟੀ ਭੈਣ ਹਰਪ੍ਰੀਤ ਕੌਰ, ਪਤਨੀ ਅਤੇ ਕਰੀਬ 9 ਸਾਲ ਦਾ ਛੋਟਾ ਬੱਚਾ ਹੈ। ਗੁਰਪ੍ਰੀਤ ਗੁਰਸਿੱਖ ਨੌਜਵਾਨ ਸੀ।

ਕੁਝ ਸਾਲਾ ਪਹਿਲਾਂ ਉਸ ਨੇ ਅੰਮ੍ਰਿਤ ਛੱਕ ਦੇ ਪੰਥਕ ਹਲਕਿਆਂ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਸੀ। ਪਿੰਡ ਦੇ ਲੋਕਾਂ ਮੁਤਾਬਕ ਉਹ ਚੰਗੇ ਸੁਭਾਅ ਦਾ ਮਾਲਕ ਸੀ। ਜਿੱਥੇ ਪੰਥ ਦੀ ਗੱਲ ਹੁੰਦੀ ਉਥੇ ਉਹ ਮੋਹਰੀ ਰਹਿੰਦਾ ਸੀ।

ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਵੀ ਉਹ ਮਰਹੂਮ ਕਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨਾਲ ਲਗਾਤਾਰ ਮੋਰਚੇ ਵਿੱਚ ਸ਼ਾਮਿਲ ਰਿਹਾ ਸੀ।

ਭਾਈ ਅੰਮ੍ਰਿਤਪਾਲ ਸਿੰਘ ਕੌਣ ਹਨ

ਭਾਈ ਅੰਮ੍ਰਿਤਪਾਲ ਸਿੰਘ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪਾਪ੍ਰਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਰਹੇ ਹਨ।ਪਰ ਹੁਣ ਉਸਦੀ ਜਥੇਬੰਦੀ ਸੰਵਿਧਾਨ ਅਨੁਸਾਰ ਜਮਹੂਰੀ ਰਾਹਾਂ ਉਪਰ ਵਿਚਰਨ ਲਗੀ ਹੈ। ਕਈ ਸਾਲ ਦੁਬਈ ਰਹਿਣ ਤੋਂ ਬਾਅਦ ਪਿਛਲੇ ਸਾਲ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਅੰਮ੍ਰਿਤ ਸੰਚਾਰ ਅਤੇ ਨਸ਼ਾ ਛਡਾਓ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ ਸੀ।ਪਰ ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ ਸਨ।23 ਅਪ੍ਰੈਲ 2023 ਨੂੰ ਤੜਕੇ ਪੁਲਿਸ ਵੱਲੋਂ ਉਨ੍ਹਾਂ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਉਨ੍ਹਾਂ ਉੱਤੇ ਐੱਨਐੱਸਏ ਲੱਗਿਆ ਹੋਇਆ ਹੈ ਅਤੇ ਉਹ ਅਜੇ ਵੀ ਜੇਲ੍ਹ ਵਿੱਚ ਹਨ।

ਇਸ ਵਿਚਾਲੇ 9 ਅਕਤੂਬਰ 2024 ਨੂੰ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਵਿੱਚ ਵੀ ਅੰਮ੍ਰਿਤਪਾਲ ਸਿੰਘ ਦਾ ਨਾਮ ਆਇਆ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ʼਤੇ ਯੂਏਪੀਏ ਲਗਾਇਆ ਗਿਆ ਹੈ।