ਸੁਮੇਧ ਸੈਣੀ ਦੀ ਰਿਹਾਇਸ਼ 'ਤੇ ਵਿਜੀਲੈਂਸ ਵਲੋਂ ਛਾਪਾ
*ਕੋਠੀ 'ਚ ਨਹੀਂ ਮਿਲੇ ਸਾਬਕਾ ਡੀ. ਜੀ. ਪੀ.
* ਆਮਦਨ ਤੋਂ ਵੱਧ ਸੰਪਤੀ ਦਾ ਨਵਾਂ ਕੇਸ ਦਰਜ
*ਵਿਜੀਲੈਂਸ ਬਿਊਰੋ ਨੇ ਸਾਬਕਾ ਪੁਲੀਸ ਮੁਖੀ ਦੀ ਗ੍ਰਿਫ਼ਤਾਰੀ ਲਈ ਯਤਨ ਆਰੰਭੇ
ਅੰਮ੍ਰਿਤਸਰ ਟਾਈਮਜ਼ ਬਿਉਰੋ
ਚੰਡੀਗੜ੍ਹ-ਪੰਜਾਬ ਦੇ ਸਾਬਕਾ ਡੀ.ਜੀ.ਪੀ ਰਹੇ ਸੁਮੇਧ ਸੈਣੀ ਦੀ ਚੰਡੀਗੜ੍ਹ ਦੇ ਸੈਕਟਰ 20 ਵਿਚ ਪੈਂਦੀ ਰਿਹਾਇਸ਼ 'ਤੇ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਬੀਤੇ ਦਿਨੀਂ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਪੁਲਿਸ ਕਰਮੀ ਸੁਮੇਧ ਸੈਣੀ ਦੀ ਰਿਹਾਇਸ਼ 'ਤੇ ਪਹੁੰਚੇ ਪਰ ਸੈਣੀ ਦੀ ਸੁਰੱਖਿਆ ਵਿਚ ਤਾਇਨਾਤ ਸੀ.ਆਰ.ਪੀ.ਐਫ ਦੇ ਜਵਾਨਾਂ ਵਲੋਂ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਕੋਠੀ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਦੌਰਾਨ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਵੀ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀਆਂ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਲੈਣ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਦੀ ਟੀਮ ਕੋਠੀ ਅੰਦਰ ਦਾਖ਼ਲ ਹੋਣਾ ਚਾਹੁੰਦੀ ਹੈ ਤਾਂ ਪਹਿਲਾਂ ਦਰਜ ਐਫ.ਆਈ.ਆਰ ਦੀ ਕਾਪੀ ਤੇ ਲੋਕਲ ਪੁਲਿਸ ਨੂੰ ਨਾਲ ਲਿਆਂਦਾ ਜਾਵੇ। ਵਿਜੀਲੈਂਸ ਦੀ ਟੀਮ ਕਰੀਬ ਡੇਢ ਘੰਟਾ ਕੋਠੀ ਦੇ ਸਾਹਮਣੇ ਖੜ੍ਹੀ ਇੰਤਜ਼ਾਰ ਕਰਦੀ ਰਹੀ, ਜਿਸ ਦੇ ਬਾਅਦ ਚੰਡੀਗੜ੍ਹ ਪੁਲਿਸ ਦੇ ਇਲਾਕਾ ਐਸ.ਐਚ.ਓ ਮਲਕੀਤ ਸਿੰਘ ਮੌਕੇ 'ਤੇ ਪਹੁੰਚੇ ਤੇ ਵਿਜੀਲੈਂਸ ਦੇ ਚਾਰ ਅਧਿਕਾਰੀ ਉਨ੍ਹਾਂ ਦੇ ਨਾਲ ਕੋਠੀ ਅੰਦਰ ਦਾਖ਼ਲ ਹੋ ਸਕੇ। ਵਿਜੀਲੈਂਸ ਟੀਮ ਵਲੋਂ ਕੋਠੀ ਦੇ ਵੱਖ-ਵੱਖ ਹਿੱਸਿਆਂ ਦੀ ਤਲਾਸ਼ੀ ਲਈ ਗਈ । ਇਸ ਮੌਕੇ ਵਕੀਲ ਰਮਨਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਸੁਮੇਧ ਸੈਣੀ ਮੌਜੂਦ ਨਹੀਂ ਹਨ।
ਨਵਾਂ ਮਾਮਲਾ ਦਰਜ
ਅੰਮ੍ਰਿਤਸਰ ਟਾਈਮਜ ਦੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਉਸ ਦਾ ਪਿੱਛਾ ਨਹੀਂ ਛੱਡ ਰਹੇ ਸੀ ਕਿ ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ।ਇਹ ਪਤਾ ਲੱਗਾ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਸੁਮੈਧ ਸੈਣੀ ਖ਼ਿਲਾਫ਼ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਬੰਧਿਤ ਮਾਮਲਾ ਸੰਯੁਕਤ ਡਾਇਰੈਕਟਰ ਕ੍ਰਾਈਮ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਸਿੰਘ ਬਰਾੜ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਮਾਮਲੇ 'ਚ ਪੀ. ਸੀ. ਐਕਟ 1988, ਪੀ. ਸੀ. (ਸੋਧ) ਐਕਟ 2018 ਦੀ ਧਾਰਾ 13 (1) (ਬੀ), 13 (2) ਦੇ ਇਲਾਵਾ ਆਈ. ਪੀ. ਸੀ. ਦੀ ਧਾਰਾ 109 ਅਤੇ 120 ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਮਾਮਲੇ 'ਚ 7 ਮੁਲਜ਼ਮਾਂ ਨੂੰ ਕਥਿਤ ਤੌਰ 'ਤੇ ਨਾਮਜ਼ਦ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਨਵੇਂ ਦਰਜ ਕੀਤੇ ਗਏ ਇਸ ਮਾਮਲੇ ਦੀ ਜਾਂਚ ਲਈ ਇਕ ਟੀਮ ਦਾ ਗਠਨ ਵੀ ਕੀਤਾ ਗਿਆ ਹੈ।ਵਿਜੀਲੈਂਸ ਨੇ ਅਪਰਾਧਿਕ ਕੇਸ ਦਰਜ ਕਰਨ ਮਗਰੋਂ ਪੰਜਾਬ ਦੇ ਸਾਬਕਾ ਪੁਲੀਸ ਮੁਖੀ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ।
ਇਸ ਸਬੰਧੀ ਕੋਈ ਵੀ ਸੀਨੀਅਰ ਜਾਂ ਜੂਨੀਅਰ ਅਧਿਕਾਰੀ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੈ।











Comments (0)