ਐਨਐਸਏ ਹਟਾ ਕੇ ਪੰਜਾਬ ਪੁਲਿਸ ਡਿਬਰੂਗੜ੍ਹ ਜੇਲ੍ਹ ਤੋਂ ਸਤ ਸਾਥੀਆਂ ਸਮੇਤ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲਿਆਏਗੀ ਪੰਜਾਬ
ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਸਬੰਧ ਵਿਚ ਹੋ ਸਕਦੀ ਵੱਡੀ ਕਾਰਵਾਈ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਜੇਲ੍ਹ ਵਿੱਚ ਬੰਦ ਲੋਕ ਸਭਾ ਮੈਂਬਰ ਅਤੇ ਖਾਲਿਸਤਾਨੀ ਪੱਖੀ ਨੇਤਾ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਦੀ ਨਜ਼ਰਬੰਦੀ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਨਤੀਜੇ ਵਜੋਂ, ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਲਿਆਂਦਾ ਜਾਵੇਗਾ, ਇਸਦੀ ਪੁਸ਼ਟੀ ਅੱਜ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਵਲੋਂ ਕੀਤੀ ਗਈ।

ਦੱਸਣਯੋਗ ਹੈ ਕਿ 2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਸਬੰਧ ਵਿੱਚ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਪਿਛਲੇ ਦੋ ਸਾਲਾਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਨ। ਜਿਨ੍ਹਾਂ ਨੂੰ ਵਾਪਸ ਪੰਜਾਬ ਤਬਦੀਲ ਕੀਤਾ ਜਾ ਰਿਹਾ ਹੈ, ਉਨ੍ਹਾਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ ਬੁੱਕਣਵਾਲਾ, ਸਰਬਜੀਤ ਕਲਸੀ, ਰਣਜੀਤ ਕਲਸੀ, ਗੁਰਿੰਦਰ ਪਾਲ ਸਿੰਘ ਗੁਰੀ ਔਜਲਾ, ਹਰਜੀਤ ਸਿੰਘ (ਉਰਫ਼ ਚਾਚਾ) ਅਤੇ ਕੁਲਵੰਤ ਸਿੰਘ ਸ਼ਾਮਲ ਹਨ।
ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਸਤਿੰਦਰ ਸਿੰਘ ਨੇ ਕਿਹਾ, "ਇਸ ਵੇਲੇ, ਅਸੀਂ ਅਜਨਾਲਾ ਮਾਮਲੇ ਦੇ ਸਬੰਧ ਵਿੱਚ ਇਨ੍ਹਾਂ ਸੱਤ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਦਰਜ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਪੰਜਾਬ ਵਾਪਸ ਲਿਆ ਰਹੇ ਹਾਂ। ਉਨ੍ਹਾਂ ਦੇ ਰਿਮਾਂਡ ਤੋਂ ਬਾਅਦ ਅਗਲੀ ਕਾਰਵਾਈ ਨਿਰਧਾਰਤ ਕੀਤੀ ਜਾਵੇਗੀ।"











Comments (0)