ਸ੍ਰੋਮਣੀ ਕਮੇਟੀ ਜਥੇਦਾਰ ਦੀ ਯੋਗਤਾ, ਨਿਯੁਕਤੀ ਸੰਬੰਧੀ ਨਿਯਮ ਬਣਾਏਗੀ
*ਧਾਮੀ ਨੇ ਪੰਥਕ ਜਥੇਬੰਦੀਆਂ ਤੋਂ 20 ਅਪ੍ਰੈਲ ਤੱਕ ਮੰਗੇ ਸੁਝਾਅ
*ਸਿੱਖ ਮਾਮਲਿਆਂ ਵਿਚ ਸਰਕਾਰੀ ਦਖ਼ਲ ਅੰਦਾਜ਼ੀ ਤੋਂ ਔਖੇ ਧਾਮੀ
* ਟਕਸਾਲ ਨੇ ਸ੍ਰੋਮਣੀ ਕਮੇਟੀ ਨੂੰ ਦਿੱਤੀ ਚਿਤਾਵਨੀ ਕਿ ਸਿੰਘ ਸਾਹਿਬਾਨ ਦੀ ਬਹਾਲੀ ਤੱਕ ਸੰਘਰਸ਼ ਕਰਾਂਗੇ
ਬੀਤੇ ਦਿਨ ਬਜਟ ਇਜਲਾਸ ਦੌਰਾਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾਮੁਕਤੀ ਸੰਬੰਧੀ ਨਿਯਮ ਬਨਾਉਣ ਲਈ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕਰਾਉਣ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸੰਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਨੂੰ 20 ਅਪ੍ਰੈਲ ਤੱਕ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ । ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।
ਇਥੇ ਜ਼ਿਕਰਯੋਗ ਕਿ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤੈਅ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਸੀ ।ਇਤਿਹਾਸ ਵਿਚ ਪਹਿਲੀ ਵਾਰ ਸ਼ੋ੍ਮਣੀ ਕਮੇਟੀ ਦੇ ਬਜਟ ਇਜਲਾਸ 'ਚ ਸੰਗਤਾਂ ਦੇ ਰੋਸ ਕਾਰਣ ਜਥੇਦਾਰ ਸਾਹਿਬ ਦੀ ਸ਼ਮੂਲੀਅਤ ਨਹੀਂ ਹੋਈ ਤਾਂ ਜੋ ਹਾਲਾਤ ਨਾ ਵਿਗੜ ਜਾਣ।ਜਦੋਂਕਿ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਗ੍ਰੰਥੀ ਗਿਆਨੀ ਕੇਵਲ ਸਿੰਘ ਇਜਲਾਸ ਵਿਚ ਜ਼ਰੂਰ ਸ਼ਾਮਿਲ ਹੋਏ ।
ਦੂਜੇ ਪਾਸੇ ਇਹ ਨਿਯਮ ਲਾਗੂ ਕਰਾਉਣ ਲਈ ਦਮਦਮੀ ਟਕਸਾਲ ਨੇ ਸ੍ਰੋਮਣੀ ਕਮੇਟੀ ਉਪਰ ਦਬਾਅ ਵਧਾਉਣਾ ਸ਼ੁਰੂ ਕਰ ਦਿੱਤਾ ਹੈ।ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੰਤ ਸਮਾਜ ਵਲੋਂ ਤਖ਼ਤਾਂ ਦੀ ਮਾਣ ਮਰਿਆਦਾ ਅਤੇ ਤਿੰਨ ਸਿੰਘ ਸਾਹਿਬਾਨ ਦੀ ਬਹਾਲੀ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਰੋਸ ਪ੍ਰਦਰਸ਼ਨ ਕੀਤਾ।ਇਸ ਪ੍ਰਦਰਸ਼ਨ ਵਿਚ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਫੈਡਰੇਸ਼ਨਾਂ, ਚੀਫ਼ ਖ਼ਾਲਸਾ ਦੀਵਾਨ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ, ਨਿਰਮਲੇ ਸੰਤਾਂ ਦੇ ਨੁਮਾਇੰਦੇ ਸ਼ਾਮਲ ਸਨ।ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਹਟਾਏ ਗਏ ਸਿੰਘ ਸਾਹਿਬਾਨ ਜਿੰਨਾ ਚਿਰ ਬਹਾਲ ਨਹੀਂ ਹੋ ਜਾਂਦੇ, ਸਾਡਾ ਸੰਘਰਸ਼ ਜਾਰੀ ਰਹੇਗਾ ।
ਪੰਜਾਬ ਸਰਕਾਰ ਤੋਂ ਔਖੀ ਸ੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵਲੋਂ ਸਿੱਖ ਮਸਲਿਆਂ ਵਿਚ ਕਥਿਤ ਤੌਰ 'ਤੇ ਦਖਲ ਅੰਦਾਜ਼ੀ ਕਰਨ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਨ ਵੱਲ ਧਿਆਨ ਦੇਵੇ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਧਾਨ ਸਭਾ ਅੰਦਰ ਨੀਤੀਗਤ ਢੰਗ ਨਾਲ ਸਿੱਖ ਮਾਮਲਿਆਂ ਵਿਚ ਦਖਲ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖ ਆਪਣੇ ਮਸਲੇ ਖੁਦ ਹੱਲ ਕਰਨਾ ਜਾਣਦੇ ਹਨ ।ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਸਿੱਖ ਮਸਲਿਆਂ ਵਿਚ ਜੇਕਰ ਇੰਨੀ ਹੀ ਦਿਲਚਸਪੀ ਹੈ ਤਾਂ ਇਹ ਬੰਦੀ ਸਿੰਘਾਂ ਦਾ ਮਸਲਾ ਹੱਲ ਕਰਵਾਏ । ਉਨ੍ਹਾਂ ਆਖਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਦੀ ਸਰਕਾਰ ਦੇ ਹੱਥ ਵਿਚ ਸੀ, ਜਿਸ ਪ੍ਰਤੀ ਇਨ੍ਹਾਂ ਨੇ ਜਾਣਬੁੱਝ ਕੇ ਨਾਕਾਰਾਤਮਕ ਰਵੱਈਆ ਅਖਤਿਆਰ ਕਰੀ ਰੱਖਿਆ।












Comments (0)