ਭਾਜਪਾ ਨੇੜਲੀਆਂ ਸਿਖ ਧਿਰਾਂ ਅਕਾਲੀ ਦਲ ਖਾਤਮੇ ਲਈ ਹੋਈਆਂ ਸਰਗਰਮ
ਜਥੇਦਾਰਾਂ ਨੂੰ ਸੇਵਾ ਮੁਕਤ ਕਰਨ ਬਾਅਦ ਅਕਾਲੀ ਸੰਕਟ ਹੋਰ ਡੂੰਘਾ ,ਅਕਾਲੀ ਸਫਾਂ ਵਿਚੋਂ ਬਗਾਵਤ ਉਠੀ
*ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਨੇ ਕੀਤੀ ਬਗਾਵਤ
*ਭਾਜਪਾ ਨੇੜਲੀਆਂ ਸਿਖ ਧਿਰਾਂ ਅਕਾਲੀ ਦਲ ਖਾਤਮੇ ਲਈ ਹੋਈਆਂ ਸਰਗਰਮ
*ਪੰਥਕ ਸੰਕਟ ਦੇ ਹੱਲ ਲਈ ਜਥੇਦਾਰਾਂ ਲਈ ਵਿਧੀ ਵਿਧਾਨ ਜ਼ਰੂਰੀ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸਿੱਖਾਂ ਦੇ ਸਿਰਮੌਰ ਤਖ਼ਤਾਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਨੇ ਬੀਤੇ ਸ਼ੁੱਕਰਵਾਰ ਨੂੰ ਦੋ ਹੋਰ ਜਥੇਦਾਰਾਂ ਦੀ ਬਲੀ ਲੈ ਲਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਦਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਬਿਰਤਾਂਤ ’ਤੇ ਆਪਣੀ ਪਕੜ ਬਣਾਉਣ ਦੀ ਕੋਸ਼ਿਸ਼ ਦੀ ਉਪਜ ਜਾਪਦਾ ਹੈ।ਹਾਲਾਂਕਿ, ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਜਥੇਦਾਰ ਸਾਹਿਬਾਨ ਨੂੰ ਬਦਲਣ ਦਾ ਕਾਰਨ ਇਹ ਦੱਸਿਆ ਹੈ ਕਿ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ, ਜਥੇਦਾਰ ਗਿਆਨੀ ਰਘੁਬੀਰ ਸਿੰਘ ਸੰਪਰਦਾ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਅਤੇ ਸਹੀ ਅਗਵਾਈ ਦੇਣ ਦੇ ਅਸਮਰੱਥ ਰਹੇ ਹਨ। ਵਿਰਕ ਨੇ ਕਿਹਾ ਕਿ ਸਿੱਖ ਸੰਸਥਾਵਾਂ ਵਿੱਚ ਵਧ ਰਹੇ ਪਾੜੇ ਅਤੇ ਵਿਸ਼ਵ ਪੱਧਰ 'ਤੇ ਸਿੱਖ ਪਛਾਣ ਅਤੇ ਸਵੈ-ਮਾਣ ਲਈ ਵਧ ਰਹੇ ਖ਼ਤਰੇ 'ਤੇ ਠੋਸ ਕਾਰਵਾਈ ਨਹੀਂ ਕੀਤੀ ਜਾ ਸਕੀ। ਇਸੇ ਕਰਕੇ ਸੇਵਾ ਮੁਕਤ ਕੀਤਾ ਗਿਆ ਹੈ।
ਯਾਦ ਰਹੇ ਕਿ ਲੰਘੀ 11 ਫਰਵਰੀ 2025 ਨੂੰ 15 ਮੈਂਬਰੀ ਕਾਰਜਕਾਰੀ ਕਮੇਟੀ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ। ਇਸ ਤਰ੍ਹਾਂ ਪਿਛਲੇ ਸਾਲ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਆਗੂਆਂ ਨੂੰ ਪਿਛਲੇ ਅਰਸੇ ਦੌਰਾਨ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਬਦਲੇ ਤਨਖ਼ਾਹੀਏ ਕਰਾਰ ਦੇਣ ਦੇ ਇਤਿਹਾਸਕ ਹੁਕਮਨਾਮੇ ਦੀ ਇਬਾਰਤ ਲਿਖਣ ਵਾਲੇ ਹੁਣ ਤਕ ਤਿੰਨ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ ਹੈ ਪਰ ਸਵਾਲ ਹੈ ਕਿ ਕੀ ਉਨ੍ਹਾਂ ਨੂੰ ਪੰਥਕ ਤੇ ਸਿਆਸੀ ਤੇ ਪੰਥਕ ਦਿ੍ਸ਼ ਤੋਂ ਲਾਂਭੇ ਕੀਤਾ ਜਾ ਸਕਿਆ ਹੈ? ਕੀ ਇਸ ਨਾਲ ਅਕਾਲੀ ਸੰਕਟ ਹੋਰ ਡੂੰਘਾ ਨਹੀਂ ਹੋਇਆ?
ਇਥੇ ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਦੇ ਦੋ ਦਸੰਬਰ ਦੇ ਹੁਕਮਨਾਮੇ ਵਿਚੋਂ ਉਪਜੀ 7 ਮੈਂਬਰੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਚੋਣ ਕਮਿਸ਼ਨ ਨੂੰ ਆਧਾਰ ਬਣਾਕੇ ਮਾਨਤਾ ਨਹੀਂ ਦਿੱਤੀ ਸੀ। ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਜ਼ਰੀਏ ਅਕਾਲ ਤਖਤ ਸਾਹਿਬ ਦੀ ਭਰਤੀ ਕਮੇਟੀ ਨੂੰ ਨਕਾਰਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਲਈ ਆਪਣਾ ਕੰਮ ਜਾਰੀ ਰੱਖਣ ਅਤੇ ਮੌਜੂਦਾ ਮੈਂਬਰਾਂ ਵਿਚੋਂ ਹੀ ਨਵਾਂ ਮੁਖੀ ਚੁਣ ਲੈਣ ਦੀ ਸੇਧ ਦੇਣ ਤੋਂ ਬਾਅਦ 5 ਮੈਂਬਰੀ ਕਮੇਟੀ ਨੇ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਵੀਂ ਭਰਤੀ ਆਰੰਭ ਕਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ ਪੈਦਾ ਹੋ ਗਈ ਸੀ ।ਹਾਲਾਂਕਿ ਬਾਦਲ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਆਪਣੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰਨ ਦਾ ਐਲਾਨ ਕਰ ਦਿੱਤਾ ਸੀ। ਇਸੇ ਕਰਕੇ ਜਥੇਦਾਰਾਂ ਦੀ ਬਰਤਰਫ਼ੀ ਕੀਤੀ ਗਈ।ਮੰਨਿਆ ਜਾ ਰਿਹਾ ਹੈ ਕਿ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੀ ਕਾਰਵਾਈ ਦਾ ਅਕਾਲੀ ਦਲ ਦਾ ਸੰਕਟ ਅਗੇ ਨਾਲੋਂ ਹੋਰ ਜ਼ਿਆਦਾ ਵਧੇਗਾ ਜੋ ਬਾਦਲ ਅਕਾਲੀ ਦਲ ਪਹਿਲਾਂ ਹੀ ਆਪਣੀ ਭਰੋਸੇਯੋਗਤਾ ਲਈ ਜਦੋਜਹਿਦ ਕਰ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਵੱਲੋਂ ਚੁੱਕਿਆ ਗਿਆ ਇਹ ਕਦਮ ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਦੱਸਿਆ ਜਾ ਰਿਹਾ ਹੈ।
ਨਵੀਂ ਜਥੇਦਾਰ ਦੀ ਨਿਯੁਕਤੀ ਤੇ ਮਰਿਯਾਦਾ ਬਾਰੇ ਬਹਿਸ
ਹੁਣ ਗਿਆਨੀ ਕੁਲਦੀਪ ਸਿੰਘ ਗੜ੍ਹਗਜ, ਜੋ ਕਿ 2001 ਤੋਂ 'ਕਥਾਵਾਚਕ' ਹਨ, ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਤ ਬਾਬਾ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨੀਂ ਅੰਮ੍ਰਿਤ ਵੇਲੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਗਈ ਸੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਬਾਅਦ ਵਿਚ ਪੰਜ ਪਿਆਰਿਆਂ ਨੇ ਸਿੰਘ ਸਾਹਿਬ ਨੂੰ ਦਸਤਾਰ ਭੇਟ ਕੀਤੀ ਗਈ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਤਰਫੋਂ ਤਖ਼ਤ ਸਾਹਿਬ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੈਨੇਜਰ ਮਲਕੀਤ ਸਿੰਘ ਵਲੋਂ ਵੀ ਸਿੰਘ ਸਾਹਿਬ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਹਾਲਾਂਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੇਵਾ ਸੰਭਾਲ ਸੰਬੰਧੀ ਸਮਾਗਮ ਸੋਮਵਾਰ ਨੂੰ ਸਵੇਰੇ 10 ਵਜੇ ਕਰਵਾਇਆ ਜਾਣਾ ਸੀ ਤੇ ਪਰ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਮਾਗਮ ਦੇ ਕੀਤੇ ਜਾਣ ਵਾਲੇ ਵਿਰੋਧ ਨੂੰ ਦੇਖਦੇ ਹੋਏ ਸਿੰਘ ਸਾਹਿਬ ਦੀ ਦਸਤਾਰਬੰਦੀ ਆਨਨ-ਫਾਨਨ ਵਿਚ ਰਾਤ ਦੇ ਹਨ੍ਹੇਰੇ ਵਿਚ ਹੀ ਕਰੀਬ ਪੌਣੇ ਤਿੰਨ ਵਜੇ ਕਰ ਦਿੱਤੀ ਗਈ ਸੀ। ਹਾਲਾਂਕਿ ਬਾਅਦ 'ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਤੇ ਅੰਤ੍ਰਿੰਗ ਕਮੇਟੀ ਦੇ ਹੋਰਨਾਂ ਮੈਂਬਰਾਂ ਨੇ ਵੀ ਮੰਨਿਆ ਕਿ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੇ ਵਿਵਾਦ ਤੋਂ ਬਚਣ ਲਈ ਹੀ ਸਿੰਘ ਸਾਹਿਬ ਨੂੰ ਅੰਮ੍ਰਿਤ ਵੇਲੇ ਹੀ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਿੱਤੀ ਗਈ। ਜਦਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕਿਹਾ ਸੀ ਕਿ ਨਿਹੰਗ ਸਿੰਘ ਜਥੇਬੰਦੀਆਂ ਨੂੰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤੀ ਪ੍ਰਵਾਨ ਨਹੀਂ ਹੈ ਤੇ ਅੱਜ ਜਿਸ ਤਰ੍ਹਾਂ ਗੁਪ-ਚੁੱਪ ਤਰੀਕੇ ਨਾਲ ਉਨ੍ਹਾਂ ਦੀ ਦਸਤਾਰਬੰਦੀ ਕੀਤੀ ਗਈ ਹੈ, ਉਹ ਪੰਥਕ ਮਰਿਆਦਾ ਦੀ ਘੋਰ ਉਲੰਘਣਾ ਹੈ।
ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ 2 ਦਸੰਬਰ ਨੂੰ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ ਗਏ ਫ਼ੈਸਲਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੌਸ਼ਨੀ ਵਿਚ ਨਿਕਲੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ 'ਤੇ ਇੰਨ-ਬਿੰਨ ਲਾਗੂ ਹੁੰਦੀ ਹੈ ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਭਰਤੀ ਕਮੇਟੀ ਦੇ ਸਬੰਧ ਵਿਚ ਮੁੜ ਨਜ਼ਰਸਾਨੀ ਕੀਤੀ ਜਾ ਸਕਦੀ ਹੈ ਤੇ ਸੰਬੰਧਿਤ ਧਿਰਾਂ ਦੇ ਇਤਰਾਜ਼ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਸੰਬੰਧਿਤ ਧਿਰਾਂ ਨੂੰ ਤਾਕੀਦ ਕੀਤੀ ਕਿ ਉਹ ਇਸ ਸੰਬੰਧ ਵਿਚ ਇਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜ਼ੀ ਤੋਂ ਗ਼ੁਰੇਜ਼ ਕਰਨ । ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੁਰਾਤਨ ਮੰਗ ਮੁਤਾਬਕ ਅੰਮ੍ਰਿਤਸਰ ਤੇ ਅਨੰਦਪੁਰ ਸਾਹਿਬ ਨੂੰ ਵੀ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨਸ਼ਿਆਂ ਅਤੇ ਧਰਮ ਪਰਿਵਰਤਨ 'ਤੇ ਵੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ 'ਤੇ ਅਸਰਦਾਰ ਧਰਮ ਪ੍ਰਚਾਰ ਲਹਿਰ ਦੀ ਜ਼ਰੂਰਤ ਹੈ, ਜਿਸ ਨੂੰ ਉਹ ਸਿੱਖ ਸੰਤਾਂ, ਮਹਾਂਪੁਰਖਾਂ, ਸੰਪਰਦਾਵਾਂ, ਗਿਆਨੀਆਂ ਅਤੇ ਵਿਦਵਾਨਾਂ ਦੀ ਮਦਦ ਨਾਲ ਪਹਿਲ ਦੇ ਅਧਾਰ 'ਤੇ ਸ਼ੁਰੂ ਕਰਨਗੇ ।













Comments (0)