ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਸੁਰੱਖਿਆ ਵਧਾਈ, ਪੁਲੀਸ ਜਾਂਚ ਸ਼ੁਰੂ

ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਸੁਰੱਖਿਆ ਵਧਾਈ, ਪੁਲੀਸ ਜਾਂਚ ਸ਼ੁਰੂ

ਸ਼੍ਰੋਮਣੀ ਕਮੇਟੀ ਨੂੰ ਮਿਲੀ ਸੀ ਧਮਕੀ ਭਰੀ ਈਮੇਲ, ਅੰਮ੍ਰਿਤਸਰ ਵਿੱਚ ਹਾਈ ਅਲਰਟ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅੰਮ੍ਰਿਤਸਰ: ਸਿੱਖਾਂ ਦੇ ਰੂਹਾਨੀ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਅੰਮ੍ਰਿਤਸਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਰਾਹੀਂ ਇਹ ਧਮਕੀ ਮਿਲੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਬੰਬ ਰੱਖਿਆ ਗਿਆ ਹੈ ਅਤੇ ਦੁਪਹਿਰ 3 ਵਜੇ ਧਮਾਕਾ ਹੋਵੇਗਾ। ਇਸ ਘਟਨਾ ਨੇ ਸਿੱਖ ਸੰਗਤਾਂ ਵਿੱਚ ਰੋਸ ਅਤੇ ਚਿੰਤਾ ਪੈਦਾ ਕਰ ਦਿੱਤੀ ਹੈ, ਜਦਕਿ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਬਾਹਰ ਸੁਰੱਖਿਆ ਨੂੰ ਵਧਾਉਂਦਿਆਂ ਬੰਬ ਨਕਾਰਾ ਦਸਤੇ ਅਤੇ ਸਾਬੋਤਾਜ ਵਿਰੋਧੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਪੁਲੀਸ ਅਤੇ ਸ਼੍ਰੋਮਣੀ ਕਮੇਟੀ ਦੀ ਤੁਰੰਤ ਕਾਰਵਾਈ

ਸ਼੍ਰੋਮਣੀ ਕਮੇਟੀ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ  ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਅੰਦਰ ਚੱਪੇ-ਚੱਪੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ, ਪਰ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਉਨ੍ਹਾਂ ਨੇ ਅੰਦੇਸ਼ਾ ਜਤਾਇਆ ਕਿ ਇਹ ਧਮਕੀ ਸ਼ਾਇਦ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਨਾਲ ਜੁੜੀ ਹੋ ਸਕਦੀ ਹੈ, ਕਿਉਂਕਿ  ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਦੀ ਮੀਟਿੰਗ ਸੀ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਸਨ।ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਸ਼ਟੀ ਕੀਤੀ ਕਿ ਧਮਕੀ ਦੀ ਗੰਭੀਰਤਾ ਨੂੰ ਵੇਖਦਿਆਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੋ ਸਕਦਾ ਹੈ, ਜੋ ਦੱਖਣੀ ਭਾਰਤ ਵਿੱਚ ਹੋਈਆਂ ਕੁਝ ਘਟਨਾਵਾਂ ਦਾ ਜ਼ਿਕਰ ਕਰ ਰਿਹਾ ਸੀ।

ਕੀ ਫਿਰਕੂ ਤਾਕਤਾਂ ਜਾਂ ਬੇਅਦਬੀ ਦੇ ਦੋਸ਼ੀਆਂ ਦਾ ਹੱਥ?

ਇਸ ਧਮਕੀ ਨੇ ਸਿੱਖ ਪੰਥ ਵਿੱਚ ਇਹ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਇਸ ਪਿੱਛੇ ਕਿਸ ਦਾ ਹੱਥ ਹੋ ਸਕਦਾ ਹੈ। ਸ੍ਰੀ ਦਰਬਾਰ ਸਾਹਿਬ ਸਿੱਖਾਂ ਦੀ ਆਸਥਾ ਦਾ ਸਭ ਤੋਂ ਵੱਡਾ ਕੇਂਦਰ ਹੈ, ਅਤੇ ਅਤੀਤ ਵਿੱਚ ਵੀ ਇਸ ਪਵਿੱਤਰ ਅਸਥਾਨ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਹਨ। ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਇਹ ਧਮਕੀ ਸ਼ਾਇਦ ਕੁਝ ਫਿਰਕੂ ਤਾਕਤਾਂ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੇ ਦੋਸ਼ੀਆਂ ਦੀ ਸਾਜ਼ਿਸ਼ ਹੋ ਸਕਦੀ ਹੈ। ਪਿਛਲੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ, ਅਤੇ ਅਜਿਹੀਆਂ ਧਮਕੀਆਂ ਨੂੰ ਸੰਗਤ ਇਸੇ ਸਾਜ਼ਿਸ਼ ਦਾ ਹਿੱਸਾ ਮੰਨ ਰਹੀ ਹੈ।ਹਾਲਾਂਕਿ, ਪੁਲੀਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਖਾਸ ਸਮੂਹ ਜਾਂ ਵਿਅਕਤੀ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀਂ ਠਹਿਰਾਇਆ। ਪੁਲੀਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਜਾਂਚ ਦੌਰਾਨ ਸਾਰੇ ਪਹਿਲੂਆਂ 'ਤੇ ਗੌਰ ਕੀਤਾ ਜਾ ਰਿਹਾ ਹੈ, ਅਤੇ ਸਾਈਬਰ ਅਪਰਾਧ ਸੈੱਲ ਈਮੇਲ ਦੀ ਸਰੋਤ ਨੂੰ ਟਰੇਸ ਕਰਨ ਵਿੱਚ ਲੱਗਿਆ ਹੋਇਆ ਹੈ। 

 ਸੋਸ਼ਲ ਮੀਡੀਆ 'ਤੇ ਕਈ ਸਿੱਖ ਸੰਗਠਨਾਂ ਅਤੇ ਸ਼ਰਧਾਲੂਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।  ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵੀ ਸਵਾਲ ਉੱਠ ਰਹੇ ਹਨ। ਸੰਗਤ ਦਾ ਮੰਨਣਾ ਹੈ ਕਿ ਅਜਿਹੀਆਂ ਧਮਕੀਆਂ ਸਿੱਖ ਧਰਮ ਦੀ ਸ਼ਾਂਤਮਈ ਪਹਿਚਾਣ ਨੂੰ ਖਰਾਬ ਕਰਨ ਦੀ ਸਾਜ਼ਿਸ਼ ਹਨ। ਪੁਲੀਸ ਅਤੇ ਸ੍ਰੋਮਣੀ ਕਮੇਟੀ ਦੀ ਸਰਗਰਮੀ ਨੇ ਸਥਿਤੀ ਨੂੰ ਕੰਟਰੋਲ ਵਿੱਚ ਰੱਖਿਆ ਹੈ, ਪਰ ਇਹ ਘਟਨਾ ਸਿੱਖ ਸਮਾਜ ਲਈ ਇੱਕ ਵੱਡੀ ਚੁਣੌਤੀ ਬਣ ਕੇ ਸਾਹਮਣੇ ਆਈ ਹੈ।