ਧਾਮੀ ਦੇ ਅਸਤੀਫੇ ਬਾਰੇ ਕੀ ਕਿਹਾ ਪੰਥਕ ਆਗੂਆਂ ਨੇ..

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ  ਇਥੇ ਆਖਿਆ ਕਿ ਅਕਾਲ ਤਖ਼ਤ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਇਹ ਅਕਾਲ ਤਖ਼ਤ ਵੱਲੋਂ ਸੌਂਪੀ ਹੋਈ ਸੇਵਾ ਹੈ ਅਤੇ ਇਸ ਤੋਂ ਪਿਛਾਂਹ ਨਹੀਂ ਹਟਣਾ ਚਾਹੀਦਾ।  ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਇਹ ਈਰਖਾ ਭਾਵਨਾ ਨਾਲ ਕੀਤਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਫੈਸਲਾ ਹੈ। ਉਨ੍ਹਾਂ ਕਿਹਾ ਕਿ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਬਾਰੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਗਿਆ ਫੈਸਲਾ ਕਿਸੇ ਵੀ ਈਰਖਾ ਭਾਵਨਾ ਨਾਲ ਨਹੀਂ ਕੀਤਾ ਗਿਆ ਸੀ ਅਤੇ ਇਹ ਫੈਸਲਾ ਪੰਜ ਸਿੰਘ ਸਾਹਿਬਾਨ ਦਾ ਸੀ, ਨਾ ਕਿ ਕਿਸੇ ਵਿਅਕਤੀ ਦਾ। ਉਨ੍ਹਾਂ ਦਾਅਵਾ ਕੀਤਾ ਕਿ ਉਸ ਵੇਲੇ ਬਤੌਰ ਜਥੇਦਾਰ ਉਨ੍ਹਾਂ ਦੇ ਮਨ ਵਿੱਚ ਨਿੱਜੀ ਤੌਰ ’ਤੇ ਕਿਸੇ ਖ਼ਿਲਾਫ਼ ਕੋਈ ਈਰਖਾ ਨਹੀਂ ਸੀ ਪਰ ਜਿਨ੍ਹਾਂ ਨੂੂੰ ਤਨਖਾਹ ਲਾਈ ਗਈ ਸੀ ਉਨ੍ਹਾਂ ਦੇ ਮਨ ਵਿੱਚ ਜ਼ਰੂਰ ਈਰਖਾ ਸੀ , ਜਿਸ ਦਾ ਹੁਣ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦਾ ਮਾਮਲਾ ਸਮੁੱਚੇ ਤੌਰ ’ਤੇ ਹੀ ਯੋਜਨਾਬੱਧ ਸੀ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇ ਇਸ ਮਾਮਲੇ ਦੀ ਜਾਂਚ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਜਾਂ ਅਕਾਲ ਤਖ਼ਤ ਤੋਂ ਕਰਵਾਈ ਜਾਂਦੀ। ਉਨ੍ਹਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਬਣੀ ਇੱਕ ਸਰਾਂ ਤੇ ਲੰਗਰ ਘਰ ਦੇ ਮਾਮਲਿਆਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਜੇ ਇਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾਵੇ ਤਾਂ ਉਨ੍ਹਾਂ ਖ਼ਿਲਾਫ਼ ਜਾਂਚ ਕਰਨ ਵਾਲੇ ਜ਼ਰੂਰ ਇਸ ਦੇ ਘੇਰੇ ਵਿੱਚ ਆਉਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਖ਼ਿਲਾਫ਼ ਕਈ ਗੰਭੀਰ ਦੋਸ਼ ਲਾਏ। ਜਿਨ੍ਹਾਂ ਵਿੱਚ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਲਈ ਵੀ ਜ਼ਿੰਮੇਵਾਰ ਠਹਿਰਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਵੇਲੇ ਫਰਜ਼ੀ ਭਰਤੀ ਹੋ ਰਹੀ ਅਤੇ ਅਜਿਹੀ ਭਰਤੀ ਨਾਲ ਪ੍ਰਧਾਨ ਵੀ ਫਰਜ਼ੀ ਹੀ ਚੁਣਿਆ ਜਾਵੇਗਾ। 

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਵੇਲੇ ਉਨ੍ਹਾਂ ਨੇ ਸਥਿਤੀ ਨੂੰ ਸੰਭਾਲਣਾ ਸੀ, ਉਸ ਵੇਲੇ ਉਹ ਅਸਤੀਫਾ ਦੇ ਰਹੇ ਹਨ।

ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ,ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ  ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਨਾਲ ਸਿੱਖ ਜਥੇਬੰਦੀਆਂ ਵਿਚ ਨਿਰਾਸ਼ਾਜਨਕ ਮਾਹੌਲ ਬਣ ਗਿਆ ਹੈ ਅਤੇ ਉਨ੍ਹਾਂ ਦੇ ਅਸਤੀਫ਼ੇ ਕਾਰਨ ਮੈਨੂੰ ਬਹੁਤ ਦੁਖ ਮਹਿਸੂਸ ਹੋਇਆ ਹੈ ।ਕਿਉਂ ਕਿ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ ਜੀਵਨ ਨਿਤਨੇਮੀ ਗੁਰਸਿੱਖਾਂ ਵਾਲਾ ਹੈ।  ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਜਥੇਬੰਦੀ ਵਲੋਂ ਇਹੀ ਦਿਲੀ ਇਛਾ ਹੈ ਕਿ ਉਹ ਇਸ ਮੁਸ਼ਕਿਲ ਸਮੇਂ ਵਿਚ ਸਿਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਦੀ ਅਗਵਾਈ ਕਰਨ ਤਾਂ ਜੋ ਇਨ੍ਹਾਂ ਮੁਸ਼ਕਿਲ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਸਵਾਗਤ ਕਰਦੇ ਹੋਏ ਇਸ ਨੂੰ ਦੇਰ ਨਾਲ ਸਹੀ ਪਰ ਅੰਦਰੂਨੀ ਆਵਾਜ਼ ਸੁਣ ਕੇ ਲਿਆ ਗਿਆ ਫ਼ੈਸਲਾ ਦੱਸਿਆ ਹੈ। ਕਾਲਕਾ ਤੇ ਕਾਹਲੋ ਨੇ ਕਿਹਾ ਕਿ ਹਾਲਾਂ ਕਿ ਧਾਮੀ ਨੂੰ 2 ਦਸੰਬਰ ਨੂੰ ਹੀ ਆਪਣਾ ਅਹੁਦਾ ਛੱਡਣਾ ਚਾਹੀਦਾ ਸੀ, ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਗਈ 7 ਮੈਂਬਰਾਂ ਦੀ ਟੀਮ ਦੇ ਗਠਨ ਸਮੇਤ ਹੋਰ ਫ਼ੈਸਲੇ ਨੂੰ ਪਾਸੇ ਕਰਕੇ ਸਿਰਫ਼ ਇਕ ਪਰਿਵਾਰ ਨੂੰ ਬਚਾਉਂਣ ਲਈ ਕੌਮ ਨੂੰ ਦਾਅ ’ਤੇ ਲਗਾ ਦਿੱਤਾ। ਉਸ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ’ਤੇ ਬੇਬੁਨਿਆਦ ਦੋਸ਼ ਇਕ ਐਸੇ ਵਿਅਕਤੀ ਵੱਲੋਂ ਲਗਾਏ ਗਏ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਸੀ ਪਰ ਉਸ ਨੂੰ ਆਧਾਰ ਬਣਾ ਕੇ ਉਨ੍ਹਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ। ਉਸ ਸਮੇਂ ਵੀ ਧਾਮੀ ਨੂੰ ਇਸ ਦਾ ਵਿਰੋਧ ਕਰਦੇ ਹੋਏ ਆਪਣਾ ਪਦ ਛੱਡ ਦੇਣਾ ਚਾਹੀਦਾ ਸੀ ਪਰ ਚਲੋ ਦੇਰ ਨਾਲ ਸਹੀ, ਜਿਸ ਤਰ੍ਹਾਂ ਧਾਮੀ ਨੇ ਆਪਣੀ ਅੰਦਰੂਨੀ ਆਵਾਜ਼ ਸੁਣ ਕੇ ਫ਼ੈਸਲਾ ਲਿਆ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਉਸ ਨਾਲ ਉਹਨਾਂ ਦੀ ਇੱਜ਼ਤ ਵਿਚ ਵਾਧਾ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪ੍ਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਬੰਡੂਗਰ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਥਕ ਸੰਕਟ ਵਿਚਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਿਰੜ ਨਾਲ ਨਿਭਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਸਤੀਫ਼ਾ ਦੇਣਾ ਸੰਗਤ ਦੀਆਂ ਭਾਵਨਾਵਾਂ ਨਾਲ ਇਨਸਾਫ਼ ਨਹੀਂ ਹੋਵੇਗਾ।ਕਿਉਂਕਿ ਨੈਤਿਕਤਾ ਤਾਂ ਉਸ ਸਮੇਂ ਹੀ ਝਲਕਣੀ ਚਾਹੀਦੀ ਸੀ ਜਦ ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਜਾਂਚ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਇਹਨਾਂ ਅਦੇਸਾਂ ਦੀ ਅਣਦੇਖੀ ਕਰਕੇ ਸਗੋਂ ਤਿੰਨ ਮੈਂਬਰੀ ਕਮੇਟੀ ਦੀ ਜਾਂਚ ਰਿਪੋਰਟ ਮਨਜ਼ੂਰ ਕਰ ਸਮੁੱਚੀ ਅੰਤ੍ਰਿੰਗ ਕਮੇਟੀ ਵੱਲੋਂ ਬੱਜਰ ਗਲਤੀ ਕੀਤੀ  ਹੈ।ਆਗੂਆਂ ਨੇ ਹਰਜਿੰਦਰ ਸਿੰਘ ਧਾਮੀ  ਨੂੰ ਪੁਰਜੋਰ ਅਪੀਲ ਕੀਤੀ ਕਿ, ਓਹ ਸੰਗਤ ਦੀਆਂ ਭਾਵਨਾਵਾਂ ਦੀ ਰਾਖੀ ਕਰਦੇ ਹੋਏ ਆਪਣਾ ਅਸਤੀਫਾ ਵਾਪਿਸ ਲੈਣ ਅਤੇ ਪਿਛਲੇ ਦਿਨਾਂ ਵਿੱਚ ਹੋਏ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਦੇ ਹੋਏ ਮਜ਼ਬੂਤ ਅਗਵਾਈ ਵਾਲੀ ਭੂਮਿਕਾ ਨਿਭਾਉਣ, ਜਿਸ ਲਈ ਸਮੁੱਚੀ ਕੌਮ ਉਮੀਦ ਕਰਦੀ ਹੈ।

ਇਸ ਸੰਕਟ ਦੇ ਸਮੇਂ ਅਕਾਲੀ ਲੀਡਰਸ਼ਿਪ ਅਤੇ ਪਾਰਟੀ ਦੇ ਸਮਰਥਕ ਹੋਰ ਵਰਗਾਂ ਨਾਲ ਸੰਬੰਧਿਤ ਆਗੂ ਮਿਲ ਕੇ ਬੈਠਦੇ, ਸਾਹਮਣੇ ਪੇਸ਼ ਚੁਣੌਤੀਆਂ ਸੰਬੰਧੀ ਵਿਚਾਰ-ਵਟਾਂਦਰਾ ਕਰਦੇ, ਉਨ੍ਹਾਂ ਦੇ ਸਰਬ ਪ੍ਰਵਾਨਿਤ ਹੱਲ ਲੱਭਣ ਲਈ ਯਤਨਸ਼ੀਲ ਹੁੰਦੇ, ਪਰ ਅਜਿਹਾ ਸੰਭਵ ਨਾ ਹੋ ਸਕਿਆ ਤੇ ਨਾ ਹੀ ਏਕਤਾ ਅਤੇ ਸਾਂਝੀ ਰਾਇ ਬਣਾਉਣ ਦੇ ਕੀਤੇ ਗਏ ਯਤਨ ਹੀ ਸਫ਼ਲ ਹੋ ਸਕੇ। ਅੱਜ ਲੀਡਰਸ਼ਿਪ ਦੀ ਈਗੋ ਕਾਰਣ ਅਕਾਲੀ ਦਲ ਬੁਰੀ ਤਰ੍ਹਾਂ ਖਿੰਡਰ-ਪੁੰਡਰ ਗਿਆ ਹੈ।  ਅਕਾਲ ਤਖ਼ਤ ਸਾਹਿਬ ਤੋਂ ਦਿੱਤੇ ਗਏ ਆਦੇਸ਼ ਵੀ ਲੀਡਰਸ਼ਿਪ 'ਤੇ ਆਪਣਾ ਪ੍ਰਭਾਵ ਨਹੀਂ ਬਣਾ ਸਕੇ, ਜਿਸ ਕਾਰਨ ਇਸ ਨਾਲ ਭਾਵੁਕ ਤੌਰ 'ਤੇ ਜੁੜੇ ਰਹੇ ਵੱਡੀ ਗਿਣਤੀ 'ਚ ਸਿਖ ਜਗਤ ਨੂੰ ਨਿਰਾਸ਼ਾ ਦਾ ਮੂੰਹ ਵੇਖਣਾ ਪਿਆ ਹੈ। ਇਸ ਸਮੇਂ ਅਕਾਲੀ ਦਲ ਨੂੰ ਪੈਦਾ ਹੋਈ ਅਜਿਹੀ ਨਿਰਾਸ਼ਾਜਨਕ ਸਥਿਤੀ ਵਿਚੋਂ ਉੱਭਾਰਨਾ ਜ਼ਰੂਰੀ ਹੋਵੇਗਾ। ਅਜਿਹਾ ਸਾਰੇ ਸੰਬੰਧਿਤ ਆਗੂਆਂ ਵਲੋਂ ਆਪਣੇ ਪਾਲੇ ਹਿੱਤਾਂ ਨੂੰ ਛੱਡ ਕੇ ਇਕ ਸਾਂਝੇ ਮੰਚ 'ਤੇ ਇਕੱਠੇ ਹੋਣ ਦੀ ਸੋਚ ਨਾਲ ਹੀ ਸੰਭਵ   ਹੈ। 

ਹਰਜਿੰਦਰ ਸਿੰਘ ਧਾਮੀ ਦੀਆਂ ਪ੍ਰਾਪਤੀਆਂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਜਨਮ 28 ਅਗਸਤ 1956 'ਚ ਹੋਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਿੱਪਲਾਂ ਵਾਲਾ ਵਿਖੇ ਹੋਇਆ। ਉਹ ਪੰਜਾਬ ਦੇ ਦੋਆਬਾ ਖੇਤਰ ਨਾਲ ਸਬੰਧ ਰੱਖਦੇ ਹਨ।ਉਨ੍ਹਾਂ ਨੇ ਬੀਏ, ਐਲਐਲਬੀ ਦੀ ਡਿਗਰੀ ਪ੍ਰਾਪਤ ਕੀਤੀ ਹੈ ਅਤੇ ਪਿਛਲੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ।ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਧਾਮੀ, 1996 ਵਿੱਚ ਸ਼ਾਮਚੁਰਾਸੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਦੇ ਬਣੇ ਸਨ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ।ਇਸ ਦੇ ਨਾਲ ਹੀ ਧਾਮੀ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।