ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ 1,744 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ : ਭਗਵੰਤ ਮਾਨ
ਬਠਿੰਡਾ/ਏ.ਟੀ.ਨਿਊਜ਼: ਪੰਜਾਬ ਦੀ ਖੇਡ ਭਾਵਨਾ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗ਼ਾਜ਼ ਲੰਘੇ ਦਿਨੀਂ ਇੱਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰੰਗ-ਬਰੰਗੇ ਗ਼ੁਬਾਰੇ ਆਸਮਾਨ ਵਿੱਚ ਛੱਡ ਕੇ ਖੇਡਾਂ ਦਾ ਉਦਘਾਟਨ ਕਰਦਿਆਂ ਪੰਜਾਬ ਦੀ ਪ੍ਰਤਿਭਾ ਨੂੰ ਕੌਮਾਂਤਰੀ ਪੱਧਰ ’ਤੇ ਪਹੁੰਚਾਉਣ ਦਾ ਅਹਿਦ ਲਿਆ। ਸਮਾਗਮ ਦੌਰਾਨ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ 10 ਲੱਖ ਖਿਡਾਰੀਆਂ ਦੇ 39 ਖੇਡ ਵੰਨਗੀਆਂ ਵਿੱਚ ਹਿੱਸਾ ਲੈਣ ਦੀ ਉਮੀਦ ਹੈ। ਇਸ ਵਿੱਚ ਚਾਰ ਪੈਰਾ-ਖੇਡਾਂ (ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲ-ਚੇਅਰ ਬਾਸਕਟਬਾਲ) ਵੀ ਸ਼ਾਮਲ ਹਨ। ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 14 ਤੋਂ 70 ਸਾਲ ਤੱਕ ਦੇ ਖਿਡਾਰੀਆਂ ਲਈ 9 ਉਮਰ ਵਰਗ ਬਣਾਏ ਗਏ ਹਨ। ਖੇਡਾਂ ਦਾ ਸਮਾਪਤੀ ਸਮਾਗਮ 29 ਨਵੰਬਰ ਨੂੰ ਪਟਿਆਲਾ ਵਿੱਚ ਹੋਵੇਗਾ।
ਇਸ ਵਾਰ ਜੇਤੂਆਂ ਨੂੰ 12.50 ਕਰੋੜ ਰੁਪਏ ਦੀ ਇਨਾਮੀ ਰਕਮ ਵੰਡੀ ਜਾਵੇਗੀ ਅਤੇ ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮ ਮਿਲਣਗੇ। 40 ਸਾਲ ਤੱਕ ਦੇ ਤਗ਼ਮਾ ਜੇਤੂਆਂ ਨੂੰ ਗਰੇਡਿੰਗ ਸਰਟੀਫਿਕੇਟ ਮਿਲਣਗੇ, ਜਿਸ ਨਾਲ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ 1,744 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਉਲੰਪਿਕ ਤਿਆਰੀ ਲਈ 15 ਲੱਖ ਅਤੇ ਏਸ਼ਿਆਈ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਪੈਰਿਸ ਉਲੰਪਿਕ ਵਿੱਚ ਹਿੱਸਾ ਲੈਣ ਵਾਲੇ 20 ਖਿਡਾਰੀਆਂ ਨੂੰ 9.80 ਕਰੋੜ ਰੁਪਏ ਦਿੱਤੇ ਗਏ। ਸੂਬੇ ਵਿੱਚ 3148 ਪੇਂਡੂ ਖੇਡ ਮੈਦਾਨ ਅਤੇ 6000 ਜਿਮ ਬਣਾਏ ਜਾ ਰਹੇ ਹਨ। ਇਸ ਮੌਕੇ ਮਸ਼ਾਲ ਸਮਾਗਮ ਵਿੱਚ ਨਾਮਵਰ ਖਿਡਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਤੀਰਅੰਦਾਜ਼ ਪਰਨੀਤ ਕੌਰ ਨੇ ਖਿਡਾਰੀਆਂ ਨੂੰ ਸਹੁੰ ਚੁਕਾਈ ਅਤੇ ਏਸ਼ਿਆਈ ਖੇਡਾਂ ਵਿੱਚ ਤਗ਼ਮਾ ਜੇਤੂ ਚਰਨਜੀਤ ਸਿੰਘ ਨੇ ਝੰਡਾ ਮਾਰਚ ਦੀ ਅਗਵਾਈ ਕੀਤੀ।











Comments (0)