ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ 50 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ 50 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਬਣੀ ਦਰਾੜ ਨੂੰ ਭਰਨ ਲਈ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਨਿਵਾਸ ’ਤੇ ਹੋਈ ਮੀਟਿੰਗ ’ਚ ਹੋਏ ਫ਼ੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ।
ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ’ਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ।
ਸਾਂਝੀ ਮੀਟਿੰਗ ’ਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ’ਤੇ ਵਿਚਾਰ ਕਰਨ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ’ਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ  ’ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ  ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।