ਬੰਦੀ ਸਿੱਖਾਂ ਦੀ ਰਿਹਾਈ ਲਈ 500 ਤੋਂ ਵੱਧ ਗੁਰਦੁਆਰਿਆਂ ’ਚ ਅਰਦਾਸ

ਬੰਦੀ ਸਿੱਖਾਂ ਦੀ ਰਿਹਾਈ ਲਈ 500 ਤੋਂ ਵੱਧ ਗੁਰਦੁਆਰਿਆਂ ’ਚ ਅਰਦਾਸ

ਅੰਮ੍ਰਿਤਸਰ/ਏ.ਟੀ.ਨਿਊਜ਼: ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ 500 ਤੋਂ ਵੱਧ ਗੁਰਦੁਆਰਿਆਂ ਤੇ 100 ਤੋਂ ਵੱਧ ਵਿਦਿਅਕ ਅਦਾਰਿਆਂ ਵਿੱਚ ਅਰਦਾਸ ਕੀਤੀ ਗਈ। ਇਸ ਸਬੰਧੀ ਹਰਿਮੰਦਰ ਸਾਹਿਬ ਸਮੂਹ ਵਿੱਚ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਗਿਆਨੀ ਰਾਜਦੀਪ ਸਿੰਘ ਨੇ ਕਥਾ ਵਿਖਿਆਨ ਕੀਤਾ ਅਤੇ ਸੰਗਤਾਂ ਨੂੰ  ਅਰਦਾਸ ਸਮਾਗਮ ਦੇ ਮੰਤਵ ਬਾਰੇ ਜਾਣੂ ਕਰਾਇਆ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੰਦੀ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਹ ਕਾਨੂੰਨ ਵੱਲੋਂ ਦਿੱਤੀਆਂ ਗਈਆਂ ਨਿਰਧਾਰਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਤੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਸਮਾਗਮ ਵਿੱਚ ਪੁੱਜੇ ਬੰਦੀ ਸਿੱਖ ਗੁਰਦੀਪ ਸਿੰਘ ਖੈੜਾ ਅਤੇ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਓ ਐੱਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ ਤੇ ਹੋਰ ਹਾਜ਼ਰ ਸਨ।