ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ’ਚ

ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ’ਚ


    ਨਵੀਂ ਦਿੱਲੀ/ਏ.ਟੀ.ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਅੱਜ ਕੱਲ੍ਹ ਸੁਰਖੀਆਂ ਵਿੱਚ ਆਈ ਹੋਈ ਹੈ। ਇੱਕ ਅਖਬਾਰ ਸਮੂਹ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰਾਂ ਵਿਚਾਲੇ ਆਪਸੀ ਮਤਭੇਦ ਦੀ ਖ਼ਬਰ ਛਾਪਣ ਤੋਂ ਬਾਅਦ ਪੂਰੀ ਦੁਨੀਆਂ ਅੱਗੇ ਚੋਣ ਕਮਿਸ਼ਨ ਦਾ ਮਾਮਲਾ ਆ ਗਿਆ ਹੈ ਅਤੇ ਭਾਰਤ ਦੇ ਆਮ ਲੋਕ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰ ਰਹੇ ਹਨ। ਸਿਆਸੀ ਮਾਹਿਰ ਕਹਿੰਦੇ ਹਨ ਕਿ ਵੱਖ ਵੱਖ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਣ ’ਤੇ ਚੋਣ ਕਮਿਸ਼ਨ ਦੇ ਅੰਦਰੂਨੀ ਪ੍ਰਬੰਧਾਂ ਵਿੱਚ ਕਥਿਤ ਤੌਰ ’ਤੇ ਆਈ ਗੜਬੜ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਅਗਲੇ ਸਾਲ ਫਰਵਰੀ ਮਹੀਨੇ ਵਿੱਚ ਪੰਜਾਬ ਸਮੇਤ ਉੱਤਰ ਪ੍ਰਦੇਸ਼, ਮਨੀਪੁਰ, ਗੋਆ ਅਤੇ ਉੱਤਰਾਖੰਡ ਵਿੱਚ ਚੋਣਾਂ ਹੋਣੀਆਂ ਹਨ।  ਛੋਟਾ ਜਿਹਾ ਸੂਬਾ ਗੋਆ ਵੀ ਮੀਡੀਆ ਦੇ ਉਨ੍ਹਾਂ ਖੁਲਾਸਿਆਂ ਦੇ ਤੂਫ਼ਾਨ ਦੀ ਲਪੇਟ ਵਿੱਚ ਰਿਹਾ ਹੈ, ਜਿਨ੍ਹਾਂ ਵਿੱਚ ਇਹ ਵੇਰਵੇ ਸਾਹਮਣੇ ਆਏ ਸਨ ਕਿ ਸਰਕਾਰੀ ਕੋਸ਼ਿਸ਼ਾਂ ਦੇ ਬਾਵਜੂਦ ਕਿਵੇਂ 97 ਵੋਟਰ ਆਪਣੇ ਆਪ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕਰਵਾ ਸਕੇ ਸਨ। ਇਹ ਸਾਰਾ ਘਟਨਾਕ੍ਰਮ ਕਿਵੇਂ ਅੱਗੇ ਵਧੇਗਾ, ਇਸ ਬਾਰੇ ਦੋ ਤਰ੍ਹਾਂ ਦੇ ਵਿਚਾਰ ਪ੍ਰਗਟ ਕੀਤੇ ਜਾ ਰਹੇ ਹਨ। ਪਹਿਲਾ ਅਤੇ ਵਧੇਰੇ ਹਮਦਰਦੀ ਵਾਲਾ ਨਜ਼ਰੀਆ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਇਸ ਦਾ ਸਿਹਰਾ ਦਿੰਦਾ ਹੈ। ਇਸ ਦਾ ਤਰਕ ਹੈ ਕਿ ਉਨ੍ਹਾਂ ਦੀ ‘ਵੋਟ ਚੋਰੀ’ ਮੁਹਿੰਮ ਕਾਫ਼ੀ ਸਮੇਂ ਤੋਂ ਇਸ ਮੁੱਦੇ ’ਤੇ ਬਹਿਸ ਛੇੜ ਰਹੀ ਹੈ ਅਤੇ ਜੇਕਰ ਚੋਣ ਕਮਿਸ਼ਨ ਦੀ ਨਿਰਪੱਖਤਾ ਤੋਂ ਲੋਕਾਂ ਦਾ ਭਰੋਸਾ ਉੱਠਦਾ ਹੈ, ਤਾਂ ਇਸ ਦਾ ਸਭ ਤੋਂ ਵੱਡਾ ਸਿਆਸੀ ਲਾਭ ਕਾਂਗਰਸ ਪਾਰਟੀ ਨੂੰ ਮਿਲੇਗਾ।ਰਾਹੁਲ ਗਾਂਧੀ ਕਾਫ਼ੀ ਸਮੇਂ ਤੋਂ ਮੋਦੀ ਸਰਕਾਰ ’ਤੇ ਵੋਟ ਚੋਰੀ ਦੇ ਦੋਸ਼ ਲਗਾਉਂਦੇ ਆ ਰਹੇ ਹਨ। ਹੁਣ ਮੁੱਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰਾਂ ਦੇ ਵਿਚਾਲੇ ਆਪਸੀ ਮਤਭੇਦ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਆਮ ਲੋਕਾਂ ਵੱਲੋਂ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਦੂਜੇ ਪਾਸੇ ਕਾਕਰੋਚ ਜਨਤਾ ਪਾਰਟੀ ਦੇ ਆਗੂ ਅਭਿਜੀਤ ਦੀਪਕੇ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੋਂ ਅਸਤੀਫ਼ਾ ਮੰਗਦਿਆਂ 2 ਅਕਤੂਬਰ ਤੋਂ ਮੁੰਬਈ ਤੋਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ।